ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਮਿਸ਼ਨ ਫ਼ਤਿਹ ਤਹਿਤ ਪਹਿਲੀ ਕਤਾਰ ਦੇ

0
23

ਮਾਨਸਾ, 29 ਜਨਵਰੀ  (ਸਾਰਾ ਯਹਾਂ /ਜੋਨੀ ਜਿੰਦਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਜ਼ਿਲ੍ਹਾ ਸਿਹਤ ਅਧਿਕਾਰੀਆਂ ਤੋਂ ਕੋਵਿਡ ਦੀ ਰੋਕਥਾਮ ਲਈ ਮਿਸ਼ਨ ਫ਼ਤਿਹ ਤਹਿਤ ਪਹਿਲੀ ਕਤਾਰ ਦੇ ਸਿਹਤ ਕਰਮੀਆਂ ਦੇ ਚੱਲ ਰਹੇ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਕੋਵਿਡ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਨਵੀਂਆਂ ਗਾਈਡਲਾਈਨ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਕਿ ਜ਼ਿਲ੍ਹੇ ਦੇ ਲੋਕ ਇਸ ਬਿਮਾਰੀ ਦੀ ਰੋਕਥਾਮ ਲਈ ਜਾਗਰੂਕ ਨਜ਼ਰ ਆ ਰਹੇ ਹਨ ਪਰ ਹਾਲੇ ਵੀ ਸਿਹਤ ਸਲਾਹਾਂ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਜਿਵੇਂ ਕਿ ਇੱਕ ਦੂਜੇ ਤੋਂ ਘੱਟੋ ਘੱਟ 6 ਫੁੱਟ ਦੀ ਸਮਾਜਿਕ ਦੂਰੀ, ਮਾਸਕ ਪਾ ਕੇ ਰੱਖਣ, ਜਨਤਕ ਸਥਾਨਾਂ ‘ਤੇ ਨਾ ਥੁੱਕਣ ਆਦਿ ਦੀ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ।
ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਿਹਤ ਸਕੀਮਾਂ ਦੀ ਪ੍ਰਗਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਾਂ ਸਾਰਿਆਂ ਨੂੰ ਰਲਮਿਲ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਵੱਲੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਹੁਣ ਤੱਕ ਈ ਕਾਰਡ ਬਣਾਉਣ ਸਬੰਧੀ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਨੋਡਲ ਅਧਿਕਾਰੀ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ 30 ਜਨਵਰੀ ਤੋਂ ਬੁਢਲਾਡਾ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਲੜੀਵਾਰ ਪੱਧਰ ‘ਤੇ ਇਹ ਕੈਂਪ ਆਰੰਭ ਕੀਤੇ ਜਾ ਰਹੇ ਹਨ ਜਿਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀਆਂ ਤੇ ਪਿੰਡਾਂ ਵਿੱਚ ਇਹ ਕਾਰਜ ਨੇਪਰੇ ਚੜ੍ਹਾਉਣ ਲਈ 12 ਟੀਮਾਂ ਕਾਰਜਸ਼ੀਲ ਹਨ ਅਤੇ ਸਬ ਡਵੀਜ਼ਨ ਪੱਧਰ ‘ਤੇ ਇਸ ਟੀਚੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਉਪ ਮੰਡਲ ਮੈਜਿਸਟਰੇਟ ਦੀ ਨਿਗਰਾਨੀ ਹੇਠ ਕਾਰਜ ਕੀਤੇ ਜਾ ਰਹੇ ਹਨ।
ਮੀਟਿੰਗ ਦੌਰਾਨ ਓਟ ਕਲੀਨਿਕਾਂ, ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰਾਂ ਦੀ ਸਥਿਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਨਸ਼ਿਆਂ ਦਾ ਸੇਵਨ ਕਰਨ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਨਸ਼ਿਆਂ ਦੇ ਖਿਲਾਫ਼ ਵੱਡੇ ਪੱਧਰ ‘ਤੇ ਲੋਕ ਚੇਤਨਾ ਪੈਦਾ ਕਰਨ ਲਈ ਸਾਰਥਕ ਉਪਰਾਲੇ ਜਾਰੀ ਰੱਖੇ ਜਾਣ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

NO COMMENTS