*ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਜ਼ਿਲ੍ਹੇ ਵਿੱਚ ਕੋਰੋਨਾ ਸੈਂਪਲਿੰਗ ਤੇ ਵੈਕਸੀਨੇਸ਼ਨ ਵਧਾਉਣ ਦੇ ਆਦੇਸ਼*

0
17

ਮਾਨਸਾ, 7 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਕੋਰੋਨਾ ਕੇਸਾਂ ਦੀ ਸਥਿਤੀ ਬਾਰੇ ਜਾਇਜ਼ਾ ਲੈਣ ਮਗਰੋਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਆਦੇਸ਼ ਦਿੱਤੇ ਕਿ ਕੋਰੋਨਾ ਸੈਂਪਲਿੰਗ, ਟੀਕਾਕਰਨ ਅਤੇ ਘਰੇਲੂ ਇਕਾਂਤਵਾਸ ‘ਤੇ ਚੱਲ ਰਹੇ ਕੋਰੋਨਾ ਪੀੜਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਆਦੇਸ਼ਾਂ ਦੀ ਇੰਨ ਬਿੰਨ ਪਾਲਣਾ ਲਈ ਸਬ ਡਵੀਜ਼ਨ ਪੱਧਰ ‘ਤੇ ਚੌਕਸੀ ਨੂੰ ਵਧਾ ਦਿੱਤਾ ਜਾਵੇ ਅਤੇ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਿੱਢੀ ਗਈ ਜੰਗ ਨੂੰ ਲੋਕ ਲਹਿਰ ਵਜੋਂ ਉਤਸ਼ਾਹਿਤ ਕਰਦੇ ਹੋਏ ਮਾਨਸਾ ਜ਼ਿਲ੍ਹੇ ਵਿੱਚ ਮੁਕੰਮਲ ਤੌਰ ‘ਤੇ ਕੋਰੋਨਾ ਦੀ ਰੋਕਥਾਮ ਲਈ ਸਾਰਥਕ ਕਦਮ ਪੁੱਟੇ ਜਾਣ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਦੀ ਰੋਕਥਾਮ ਸੰਭਵ ਹੈ। 
ਡਿਪਟੀ ਕਮਿਸ਼ਨਰ ਨੇ ਬੀਤੀ ਸ਼ਾਮ ਤੱਕ ਪ੍ਰਾਪਤ ਜ਼ਿਲ੍ਹੇ ਦੇ ਕੋਰੋਨਾ ਅੰਕੜਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 241 ਐਕਟਿਵ ਕੇਸ ਹਨ ਅਤੇ ਜੇ ਇਹ ਗਿਣਤੀ ਲਗਾਤਾਰ ਇੰਜ ਹੀ ਵਧਦੀ ਰਹੀ ਤਾਂ ਇਹ ਚਿੰਤਾਜਨਕ ਨਤੀਜੇ ਸਾਹਮਣੇ ਲਿਆ ਸਕਦੀ ਹੈ ਇਸ ਲਈ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕੀਤੇ ਜਾਣ ਦੀ ਲੋੜ ਹੈ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਕੋਵਿਡ ਵੈਕਸੀਨੇਸ਼ਨ ਬਾਰੇ ਲਗਾਤਾਰ ਪ੍ਰੇਰਿਤ ਕਰਦੇ ਹੋਏ ਮੌਜੂਦਾ ਮਹੀਨੇ ਅੰਦਰ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਵੱਖ ਵੱਖ ਵਰਗਾਂ ਦੀ ਨੁਮਾਇੰਦਗੀ ਕਰਦੇ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਇਸ ਮੁਹਿੰਮ ਵਿੱਚ ਵਧ ਚੜ੍ਹ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਕੋਰੋਨਾ ਸੈਂਪਲਿੰਗ ਕਰਵਾਉਣ ਲਈ ਜਾਗਰੂਕ ਕਰਨ ਲਈ ਪ੍ਰੇਰਿਆ। 
ਮੀਟਿੰਗ ਦੌਰਾਨ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਮਾਨਸਾ ਸ਼ਿਖਾ ਭਗਤ, ਐਸ.ਡੀ.ਐਮ ਬੁਢਲਾਡਾ ਸਾਗਰ ਸੇਤੀਆ, ਐਸ.ਡੀ.ਐਮ ਸਰਦੂਲਗੜ੍ਹ ਸਰਬਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

NO COMMENTS