ਮਾਨਸਾ, 17 ਅਪ੍ਰੈਲ( ਸਾਰਾ ਯਹਾਂ /ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਵਿਖੇ ਕੋਵਿਡ ਦੇ ਵਧਦੇ ਕੇਸਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਇਸ ਵਧਦੀ ਦਰ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੁਨੀਆਂ ਭਰ ਵਿੱਚ ਭਿਅੰਕਰ ਰੂਪ ਧਾਰਨ ਕਰ ਰਹੀ ਹੈ ਅਤੇ ਸਿਹਤ ਸਲਾਹਾਂ ਦੀ ਪਾਲਣਾ ਕਰਨ ਦੇ ਨਾਲ ਨਾਲ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਸਵੈ ਇੱਛਾ ਨਾਲ ਅੱਗੇ ਆਉਂਦੇ ਹੋਏ ਜ਼ਰੂਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਜੋ ਖੁਦ ਦੀ ਅਤੇ ਹੋਰਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਸ਼੍ਰੀ ਮਹਿੰਦਰ ਪਾਲ ਨੇ ਬੱਚਤ ਭਵਨ ਵਿਖੇ ਸਿਵਲ ਸਰਜਨ ਅਤੇ ਸਮੂਹ ਸੀਨਂਅਰ ਮੈਡੀਕਲ ਅਫ਼ਸਰਾਂ ਤੋਂ ਵਿਸ਼ੇਸ਼ ਕੈਂਪਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨਾਂ ਵਿੱਚ ਐਸ.ਡੀ.ਐਮਜ਼ ਨਾਲ ਤਾਲਮੇਲ ਰੱਖਦੇ ਹੋਏ ਹਰੇਕ ਵਰਗ ਦੇ ਨੁਮਾਇੰਦਿਆਂ ਭਾਵੇਂ ਉਹ ਦੁਕਾਨਦਾਰ ਹੋਣ, ਐਮ.ਸੀ ਹੋਣ, ਸਿਆਸੀ ਜਾਂ ਧਾਰਮਿਕ ਆਗੂ ਹੋਣ, ਸਰਪੰਚ, ਸੰਮਤੀ ਜਾਂ ਜ਼ਿਲ੍ਹਾ ਪਰਿਸ਼ਦ ਦੇ ਅਹੁਦੇਦਾਰ ਹੋਣ ਸਭ ਨੂੰ ਸਾਂਝੇ ਤੌਰ ’ਤੇ ਲੋਕ ਜਾਗਰੂਕਤਾ ਦੀ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਇੱਕ ਲੋਕ ਲਹਿਰ ਦੇ ਵਾਂਗ ਟੀਕਾਕਰਨ ਤੇ ਸੈਂਪÇਲੰਗ ਨੂੰ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਇੱਕ ਸਾਂਝੀ ਮੁਹਿੰਮ ਹੈ ਜਿਸ ਵਿੱਚ ਬਿਨਾਂ ਕਿਸੇ ਭੇਦ ਭਾਵ ਤੋਂ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਜੋ ਕੋਰੋਨਾ ਕਾਰਨ ਕੀਮਤੀ ਜਾਨਾਂ ਦੇ ਜਾਣ ਦਾ ਡਰ ਬਣਿਆ ਰਹਿੰਦਾ ਹੈ ਇਸ ਲਈ ਮਨੁੱਖਤਾ ਦੇ ਭਲੇ ਲਈ ਜਨ ਜਾਗਰੂਕਤਾ ਸਮੇਂ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਅਤੇ ਸ਼ਹਿਰੀ ਪੱਧਰ ’ਤੇ ਰੋਜ਼ਾਨਾ 5 ਤੋਂ 10 ਤੱਕ ਵਿਸ਼ੇਸ਼ ਕੈਂਪ ਲਗਾਏ ਜਾਣ ਤਾਂ ਜੋ ਅਪ੍ਰੈਲ ਮਹੀਨੇ ਅੰਦਰ ਵੱਧ ਤੋਂ ਵੱਧ ਨਾਗਰਿਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਦੀਆਂ ਦੋਵੇਂ ਡੋਜ਼ਾਂ ਉਪਰੰਤ ਇਮਿਊਨਿਟੀ ਮਜ਼ਬੂਤ ਹੋ ਜਾਂਦੀ ਹੈ ਅਤੇ ਰੋਗਾਂ ਨਾਲ ਲੜਨ ਦੀ ਅੰਦਰੂਨੀ ਸਮਰੱਥਾ ਵਧ ਜਾਂਦੀ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ ਸਰਦੂਲਗੜ੍ਹ ਸ਼੍ਰੀਮਤੀ ਸਰਬਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨਵਨੀਤ ਜੋਸ਼ੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।