ਮਾਨਸਾ, 1 ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਦਿਹਾਤੀ ਅਤੇ ਸ਼ਹਿਰੀ ਪੱਧਰ ’ਤੇ ਰੋਜ਼ਾਨਾ ਵਿਸ਼ੇਸ਼ ਸੈਂਪਲਿੰਗ ਅਤੇ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ 45 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦੀ ਟੀਕਾਕਰਨ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਸਕੇ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸੈਂਪਲਿੰਗ ਦੀ ਦਰ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਕੋਰੋਨਾ ਦੀ ਚੇਨ ਨੂੰ ਤੋੜਿਆ ਜਾ ਸਕੇ ਅਤੇ ਮੁਢਲੇ ਪੜਾਅ ’ਤੇ ਹੀ ਪਾਜ਼ੀਟਿਵ ਪਾਏ ਜਾਣ ਵਾਲੇ ਨਾਗਰਿਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਿਹਤਯਾਬ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਕਸੀਨੇਸ਼ਨ ਕੈਂਪਾਂ ਦੌਰਾਨ ਅਜਿਹੇ ਨਾਗਰਿਕਾਂ ਦੀ ਸੈਂਪਲਿੰਗ ਜ਼ਰੂਰ ਕੀਤੀ ਜਾਵੇ ਜੋ ਕਿ 45 ਸਾਲ ਤੋਂ ਘੱਟ ਉਮਰ ਵਰਗ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਸਾਵਧਾਨੀਆਂ ਦੀ ਪਾਲਣਾ ਪ੍ਰਤੀ ਅਵੇਸਲਾਪਣ ਖ਼ਤਰਨਾਕ ਸਿੱਟੇ ਸਾਹਮਣੇ ਲਿਆ ਸਕਦਾ ਹੈ ਇਸ ਲਈ ਜ਼ਿਲ੍ਹੇ ਵਿੱਚ ਸਰਕਾਰ ਦੀਆਂ ਗਾਈਡਲਾਈਨਜ਼ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।
ਜ਼ਿਲ੍ਹੇ ਦੇ 5 ਬਲਾਕਾਂ ਵਿਖੇ ਆਯੋਜਿਤ ਟੀਕਾਕਰਨ ਕੈਂਪਾਂ ਦੌਰਾਨ ਸਿਹਤ ਅਧਿਕਾਰੀਆਂ ਨੂੰ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਦੀਆਂ ਦੋਵੇਂ ਡੋਜ਼ਾਂ ਉਪਰੰਤ ਇਮਿਊਨਿਟੀ ਮਜ਼ਬੂਤ ਹੋ ਜਾਂਦੀ ਹੈ ਅਤੇ ਰੋਗਾਂ ਨਾਲ ਲੜਨ ਦੀ ਅੰਦਰੂਨੀ ਸਮਰੱਥਾ ਵਧ ਜਾਂਦੀ ਹੈ। ਅੱਜ ਵੱਖ ਵੱਖ ਪਿੰਡਾਂ ਵਿੱਚ 486 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਜਿਸ ਵਿੱਚੋਂ ਸਰਦੂਲਗੜ੍ਹ ਵਿਖੇ 141 ਨਾਗਰਿਕਾਂ ਨੇ ਟੀਕਾਕਰਨ ਕਰਵਾਇਆ। ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਰਾਹੀਂ ਪਿੰਡਾਂ ਵਿਖੇ ਲੋਕਾਂ ਨੂੰ ਜਾਗਰੂਕ ਕਰਕੇ ਟੀਕਾਕਰਨ ਤੇ ਸੈਂਪਲਿੰਗ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਦੀ ਪ੍ਰਕਿਰਿਆ ਵੀ ਜਾਰੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੁਨੀਆਂ ਭਰ ਵਿੱਚ ਭਿਅੰਕਰ ਰੂਪ ਧਾਰਨ ਕਰ ਰਹੀ ਹੈ ਅਤੇ ਸਿਹਤ ਸਲਾਹਾਂ ਦੀ ਪਾਲਣਾ ਕਰਨ ਦੇ ਨਾਲ ਨਾਲ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਸਵੈ ਇੱਛਾ ਨਾਲ ਅੱਗੇ ਆਉਂਦੇ ਹੋਏ ਜ਼ਰੂਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਜੋ ਖੁਦ ਦੀ ਅਤੇ ਹੋਰਨਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।