*ਡਿਪਟੀ ਕਮਿਸ਼ਨਰ ਵੱਲੋਂ ਓਵਰ ਲੋਡ ਵਾਹਨਾਂ ਵਿਰੁੱਧ ਸ਼ਿਕੰਜਾ ਕਸਣ ਦੇ ਆਦੇਸ਼*

0
33

ਮਾਨਸਾ, 23 ਸਤੰਬਰ (ਸਾਰਾ ਯਹਾਂ/ਜੋਨੀ ਜਿੰਦਲ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਓਵਰ ਲੋਡ ਵਾਹਨਾਂ ’ਤੇ ਸਖ਼ਤੀ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨਿਕ ਪੱਧਰ ’ਤੇ  ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਹਨਾਂ ਦੇ ਚਾਲਕਾਂ ਦੁਆਰਾ ਆਵਾਜਾਈ ਨਿਯਮਾਂ ਦੀ ਅਣਦੇਖੀ ਬਿਲਕੁਲ ਵੀ ਬਰਦਾਸ਼ਤਯੋਗ ਨਹੀ ਹੈ ਕਿਉਂ ਜੋ ਅਜਿਹੇ ਮਾਮਲੇ ਕਿਸੇ ਵੇਲੇ ਵੀ ਹੋਰਨਾਂ ਰਾਹਗੀਰਾਂ ਲਈ ਮੁਸੀਬਤ ਦਾ ਕਾਰਨ ਬਣ ਸਕਦੇ ਹਨ ਅਤੇ ਇਸ ਤੋਂ ਇਲਾਵਾ ਵਾਹਨਾਂ ’ਤੇ ਪ੍ਰਯੋਗ ਕੀਤੇ ਜਾਣ ਵਾਲੇ ਪ੍ਰੈਸ਼ਰ ਹਾਰਨ ਵੀ ਆਵਾਜ਼ ਪ੍ਰਦੂਸ਼ਣ ਦਾ ਕਾਰਨ ਬਣਦੇ ਹਨ ਜਿਨ੍ਹਾਂ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਣੀ ਲਾਜ਼ਮੀ ਹੈ।ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਟਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਜਾਂਚ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਚਲਾਨ ਕਰਨ ਦੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਆਵਾਜਾਈ ਨਿਯਮਾਂ ਦੀ ਪਾਲਣਾ ਹਰੇਕ ਵਾਹਨ ਚਾਲਕ ਦਾ ਨੈਤਿਕ ਫਰਜ਼ ਹੈ ਅਤੇ ਜੋ ਇਨ੍ਹਾਂ ਫਰਜ਼ਾਂ ਦੀ ਪਾਲਣਾ ਪ੍ਰਤੀ ਲਾਪਰਵਾਹੀ ਵਰਤਦੇ ਹਨ ਉਨ੍ਹਾਂ ਖਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਵਾਹਨਾਂ ਦੀ ਕਮਰਸ਼ੀਅਲ ਢੋਆ ਢੁਆਈ ’ਤੇ ਸਖ਼ਤੀ ਨਾਲ ਰੋਕ ਲਾਉਣ ਦੇ ਵੀ ਆਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਬੱਸਾਂ ਵਿੱਚ ਸਮਰੱਥਾ ਨਾਲੋਂ ਵੱਧ ਸਵਾਰੀਆਂ ਬਿਠਾਉਣ ਵਾਲਿਆਂ ’ਤੇ ਵੀ ਕਾਰਵਾਈ ਕੀਤੀ ਜਾਵੇ ਤਾਂ ਜੋ ਕਿਸੇ ਵੀ ਵਾਹਨ ਚਾਲਕ ਦੁਆਰਾ ਭਵਿੱਖ ਵਿੱਚ ਆਵਾਜਾਈ ਨਿਯਮਾਂ ਦੀ ਉਲੰਘਣਾ ਨਾ ਹੋ ਸਕੇ। ਇਸ ਦੌਰਾਨ ਟਰੈਫਿਕ ਪੁਲਿਸ ਦੇ ਇੰਚਾਰਜ ਨੇ ਦੱਸਿਆ ਕਿ ਅਗਸਤ ਦੌਰਾਨ ਚਲਾਨ ਕੱਟਣ ਦੀ ਪ੍ਰਕਿਰਿਆ ਜਾਰੀ ਰੱਖੀ ਗਈ ਅਤੇ 1356 ਚਲਾਨ ਕੱਟ ਕੇ ਜੁਰਮਾਨੇ ਵਸੂਲ ਕੀਤੇ ਗਏ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਜੇ ਅਰੋੜਾ, ਉਪ ਮੰਡਲ ਮੈਜਿਸਟਰੇਟ ਡਾ. ਸ਼ਿਖਾ ਭਗਤ, ਐਸ.ਡੀ.ਐਮ ਸਰਦੂਲਗੜ੍ਹ ਮਨੀਸ਼ਾ ਰਾਣਾ, ਐਸ.ਡੀ.ਐਮ ਕਾਲਾ ਰਾਮ ਬਾਂਸਲ ਤੋਂ ਇਲਾਵਾ ਟਰੈਫਿਕ ਪੁਲਿਸ ਤੇ ਆਰ.ਟੀ.ਏ ਦਫ਼ਤਰ ਦੇ ਨੁਮਾਇੰਦੇ ਹਾਜ਼ਰ ਸਨ।

NO COMMENTS