ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ

0
17

ਮਾਨਸਾ, 26 ਸਤੰਬਰ (ਸਾਰਾ ਯਹਾ / ਹੀਰਾ ਸਿੰਘ ਮਿੱਤਲ): ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲ੍ਹਾ ਪੱਧਰ ਉੱਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਜਿਥੇ ਪਹਿਲਾਂ ਹੀ ਇੱਕ ਬਹੁਤ ਵੱਡੀ ਚੁਣੌਤੀ ਬਣੀ ਹੋਈ ਹੈ ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਧੂੰਏ ਕਾਰਨ ਸਾਹ ਲੈਣ ‘ਚ ਮੁਸ਼ਕਲ ਆਉਣ ‘ਤੇ ਇਸਦਾ ਖ਼ਤਰਾ ਹੋਰ ਵੀ ਵਧ ਜਾਣ ਦਾ ਖ਼ਦਸ਼ਾ ਹੈ ਇਸ ਲਈ ਕਿਸਾਨ ਵੀਰਾਂ ਨੂੰ ਪ੍ਰੇਰਿਤ ਕਰਕੇ ਇਸ ਮਾੜੇ ਰੁਝਾਨ ਨੂੰ ਰੋਕਣ ਦੀ ਬੇਹੱਦ ਜ਼ਰੂਰਤ ਹੈ।
ਕਾਨਫਰੰਸ ਹਾਲ ਵਿੱਚ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਨ ਨੂੰ ਪਲੀਤ ਕਰਨ ‘ਚ ਵੱਡਾ ਕਾਰਨ ਬਣਨ ਵਾਲੀ ਪਰਾਲੀ ਸਾੜਨ ਦੀ ਸਮੱਸਿਆ ਦਾ ਢੁਕਵਾਂ ਹੱਲ ਕਰਨ ਲਈ ਕਿਸਾਨਾਂ ਨੂੰ ਵਿਆਪਕ ਪੱਧਰ ਉਤੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਸਵੈ ਇੱਛਾ ਨਾਲ ਅੱਗੇ ਆਉਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਪਰਾਲੀ ਦੇ ਯੋਗ ਪ੍ਰਬੰਧਨ ਹਿੱਤ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਹਿੱਤ ਪਿੰਡਾਂ, ਕਸਬਿਆਂ ਵਿੱਚ ਬਲਾਕ ਪੱਧਰੀ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਿਤ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਖੇਤੀ ਮਸ਼ੀਨਰੀ ਮੁਹੱਈਆ ਕਰਵਾਕੇ ਅਤੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਸਾਹਿਤ ਅਤੇ ਹੋਰ ਤਕਨੀਕੀ ਜਾਣਕਾਰੀ ਦੇ ਕੇ ਇਸਦੇ ਕੁਦਰਤੀ ਪ੍ਰਬੰਧਨ ਲਈ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲਾ ਧੂੰਆਂ ਨਾ ਕੇਵਲ ਮਨੁੱਖੀ ਜੀਵਨ ਬਲਕਿ ਪਸ਼ੂ ਪੰਛੀਆਂ ਅਤੇ ਬਨਸਪਤੀ ਲਈ ਵੀ ਘਾਤਕ ਹੈ ਜਿਸ ਦੀ ਰੋਕਥਾਮ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਨ-ਸੀਟੂ ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਕੋਆਪਰੇਟਿਵ ਸੁਸਾਇਟੀਆਂ ਅਤੇ ਪਿੰਡਾਂ ਦੀਆਂ ਪੰਚਾਇਤਾਂ ઠਅਤੇ ਵਿਅਕਤੀਗਤ ਤੌਰ ‘ਤੇ ਕਿਸਾਨਾਂ ਨੂੰ ਉਪਦਾਨ ‘ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਇਹ ਵੀ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚੌਕਸੀ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਐਸ.ਡੀ.ਐਮ. ਮਾਨਸਾ ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here