ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਆਮਦ, ਖਰੀਦ ਅਤੇ ਲਿਫਟਿੰਗ ਦੀ ਸਥਿਤੀ ਬਾਰੇ ਸਮੀਖਿਆ ਮੀਟਿੰਗ

0
17

ਮਾਨਸਾ, 11 ਨਵੰਬਰ (ਸਾਰਾ ਯਹਾ / ਜੋਨੀ ਜਿੰਦਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਝੋਨੇ ਦੀ ਆਮਦ, ਖਰੀਦ, ਲਿਫਟਿੰਗ ਅਤੇ ਅਦਾਇਗੀ ਸਬੰਧੀ ਹੁਣ ਤੱਕ ਹੋਏ ਕਾਰਜਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 7 ਲੱਖ 46 ਹਜ਼ਾਰ 472 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 7 ਲੱਖ 37 ਹਜ਼ਾਰ 842 ਮੀਟਰਕ ਟਨ ਝੋਨਾ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਤੌਰ ’ਤੇ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ 6 ਲੱਖ 95 ਹਜ਼ਾਰ 70 ਮੀਟਰਕ ਟਨ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਜਿਣਸ ਦੀ ਲਿਫਟਿੰਗ ਵੀ ਤੇਜ਼ੀ ਨਾਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਇਸ ਵਰ੍ਹੇ ਝੋਨੇ ਦੀ ਬੰਪਰ ਪੈਦਾਵਾਰ ਹੋਈ ਹੈ ਅਤੇ ਇਹੀ ਕਾਰਨ ਹੈ ਕਿ ਮੌਜੂਦਾ ਸੀਜ਼ਨ ਦੌਰਾਨ ਕਰੀਬ 2 ਲੱਖ

ਮੀਟਰਕ ਟਨ ਵਧੇਰੇ ਝੋਨਾ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਪਿਛਲੇ ਸਾਲ ਮੰਡੀਆਂ ਵਿੱਚ ਕੁਲ 6 ਲੱਖ 10 ਹਜ਼ਾਰ 400 ਮੀਟਰਕ ਟਨ ਝੋਨਾ ਖਰੀਦਿਆ ਗਿਆ ਸੀ ਅਤੇ ਮੌਜੂਦਾ ਵਰ੍ਹੇ ਹੁਣ ਤੱਕ ਬੀਤੇ ਵਰ੍ਹੇ ਨਾਲੋਂ ਇੱਕ ਲੱਖ ਐਮ.ਟੀ ਤੋਂ ਵੱਧ ਝੋਨਾ ਮੰਡੀਆਂ ਵਿੱਚੋਂ ਖਰੀਦਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਬਾਰਦਾਨੇ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਇਸ ਉਪਰੰਤ ਝੋਨੇ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਪ੍ਰਸਾਸਨਿਕ ਪੱਧਰ ’ਤੇ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕੌਮੀ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ

ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਿਮੋਟ ਸੈਂਸਿੰਗ ਰਾਹੀਂ ਪ੍ਰਾਪਤ ਹੋਣ ਵਾਲੀਆਂ ਲੋਕੇਸ਼ਨਾਂ ’ਤੇ ਤੁਰੰਤ ਚੌਕਸੀ ਟੀਮਾਂ ਪਹੁੰਚ ਕਰਨ ਅਤੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਬੇਹੱਦ ਚਿੰਤਾਜਨਕ ਵਿਸ਼ਾ ਹੈ ਅਤੇ ਅਜਿਹੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ, ਐਸ.ਡੀ.ਐਮ ਬੁਢਲਾਡਾ ਸਾਗਰ ਸੇਤੀਆ, ਐਸ.ਡੀ.ਐਮ ਸਰਦੂਲਗੜ੍ਹ ਸਰਬਜੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ, ਮੁੱਖ ਖੇਤੀਬਾੜੀ ਅਫ਼ਸਰ, ਐਸ.ਡੀ.ਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।   

NO COMMENTS