ਮਾਨਸਾ, 09 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ) : ਫਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਕੀਤੇ ਜਾਣ ਵਾਲੇ ਅਗਾਓਂ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਸਥਾਨਕ ਬੱਚਤ ਭਵਨ ਵਿਖੇ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਵਿੱਚ ਕਿੰਨੇ ਇਲਾਕੇ ਅਤੇ ਕਿਹੜੇ-ਕਿਹੜੇ ਏਰੀਏ ਦੀ ਪਰਾਲੀ ਵਰਤੀ ਜਾਵੇਗੀ ਇਸ ਸਬੰਧੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸਬੰਧਤ ਐਸ.ਡੀ.ਐਮ. ਨਾਲ ਤਾਲਮੇਲ ਕਰਕੇ ਰਿਪੋਰਟ ਤਿਆਰ ਕਰਨਗੇ ਅਤੇ ਇਸ ਸਬੰਧੀ ਇੱਕ ਕਮੇਟੀ ਦਾ ਗਠਨ ਕਰਨਗੇ। ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਅਤੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸ਼ਾਮਲਾਤ ਜ਼ਮੀਨ ’ਤੇ ਪਰਾਲੀ ਸਟੋਰ ਕਰਨ ਸਬੰਧੀ ਬੇਲਰ ਮਾਲਕਾਂ ਨਾਲ ਮੀਟਿੰਗ ਕਰਕੇ ਇਸ ਸਬੰਧੀ ਰਿਪੋਰਟ ਤਿਆਰ ਕਰਨ। ਉਨ੍ਹਾਂ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਜਿੱਥੇ ਪਰਾਲੀ ਸਟੋਰ ਕਰਨੀ ਹੈ ਉਹ ਜਗ੍ਹਾ ਸੁਰੱਖਿਆ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਪ੍ਰਦਰਸ਼ਨੀਆਂ ਲਗਾਈਆਂ ਜਾਣ ਅਤੇ ਸੁਪਰਸੀਡਰ ਅਤੇ ਹੋਰ ਤਕਨੀਕੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ ਦੇ ਵਾਟਸਐਪ ਗਰੁੱਪ ਤਿਆਰ ਕੀਤੇ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਗ੍ਰਾਮ ਪੰਚਾਇਤਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਮਤੇ ਪਾਸ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਮੋਬਾਇਲ ਐਪ ਦੀ ਵਰਕਿੰਗ ਸਬੰਧੀ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੇ ਖਾਲੇ ਬਣਾਏ ਜਾ ਰਹੇ ਹਨ, ਉਨ੍ਹਾਂ ਤੋੋਂ ਲਿਖਤੀ ਸਹਿਮਤੀ ਪ੍ਰਾਪਤ ਕੀਤੀ ਜਾਵੇ। ਉਨ੍ਹਾਂ ਫਾਇਰ ਬ੍ਰਿਗੇਟ ਦੇ ਪ੍ਰਬੰਧ ਸੁਨਿਸ਼ਚਿਤ ਕਰਨ ਸਬੰਧੀ ਵੀ ਹਦਾਇਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਾਈਟਨ ਇੰਡਸਟਰੀ ਖੋਖਰ ਕਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਰਾਲੀ ਦੀ ਖਰੀਦ ਸਬੰਧੀ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਤਰਜੀਹ ਦੇਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।