ਮਾਨਸਾ, 14 ਸਤੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਮਾਨਸਾ ਵਿਖੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਸਮੀਖਿਆ ਕਰਨ ਲਈ ਸਮੀਖਿਆ ਮੀਟਿੰਗ ਕੀਤੀ । ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਦੇ ਉਚਿਤ ਨਿਪਟਾਰੇ ਲਈ ਲਗਾਤਾਰ ਪੇ੍ਰਰਿਤ ਕੀਤਾ ਜਾਵੇ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਪਿੰਡ ਜਾਂ ਬਲਾਕ ਪੱਧਰ ’ਤੇ ਵਿਭਾਗੀ ਤੌਰ ’ਤੇ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਸੁਪਰਸੀਡਰ ਸਮੇਤ ਹੋਰ ਤਕਨੀਕੀ ਮਸ਼ੀਨਰੀ ਦੀ ਸਬਸਿਡੀ ’ਤੇ ਉਪਲਬਧਤਾ ਤੇ ਸੁਚੱਜੀ ਵਰਤੋਂ ਕਰਨ ਲਈ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਕੋਲ ਮੌਜੂਦ ਮਸ਼ੀਨਰੀ ਦੀ ਕਿਸਾਨਾਂ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਖੇਤੀ ਸੰਦਾਂ ਤੇ ਮਸ਼ੀਨਰੀ ਦੀ ਉਪਲਬਧਤਾ ਬਾਰੇ ਜਾਣਕਾਰੀ ਦੇਣ ਲਈ ‘ਆਈ-ਖੇਤ’ ਨਾਂ ਦੀ ਮੋਬਾਇਲ ਐਪਲੀਕੇਸ਼ਨ ਵੀ ਵਿਕਸਤ ਕੀਤੀ ਹੈ ਜਿਸ ਦੀ ਵਰਤੋਂ ਨਾਲ ਕਿਸਾਨਾਂ ਨੂੰ ਖੇਤੀ ਸੰਦ ਦੀ ਉਪਲਬਧਤਾ ਸਮੇਤ ਹੋਰ ਮਹੱਤਵਪੂਰਨ ਜਾਣਕਾਰੀ ਸਮੇਂ ਸਿਰ ਹਾਸਲ ਹੋ ਸਕੇਗੀ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਪਰਾਲੀ, ਜੋ ਕਿ ਲੰਬੇ ਸਮੇਂ ਤੱਕ ਖੇਤ ਨੂੰ ਉਪਜਾਊ ਕਰ ਸਕਣ ਵਾਲੀ ਜੈਵਿਕ ਖਾਦ ਹੈ, ਨੂੰ ਸਾੜਨ ਦੀ ਬਜਾਏ ਇਸ ਦੀਆਂ ਗੰਢਾਂ ਬਣਾ ਲਈਆਂ ਜਾਣ ਅਤੇ ਜਾਂ ਫਿਰ ਖੇਤ ਵਿੱਚ ਖਿਲਾਰ ਕੇ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਜਿਹੜੇ ਖੇਤੀ ਸੰਦਾਂ ਤੇ ਮਸ਼ੀਨਰੀ ਦੀ ਖਰੀਦ ਸਬੰਧੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਉਸ ਦੀ ਖਰੀਦ ਨਾਲੋ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਕੋਈ ਪਰੇਸ਼ਾਨੀ ਨਾ ਆਵੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਤਾਲਮੇਲ ਤੇ ਨਿਗਰਾਨੀ ਕਮੇਟੀ ਦਾ ਗਠਨ ਕੀਤਾ ਜਾਵੇ ਜੋ ਪੂਰੀ ਤਰ੍ਹਾਂ ਮੁਸਤੈਦ ਰਹੇਗੀ। ਉਨ੍ਹਾਂ ਸਬ ਡਵੀਜ਼ਨ ਪੱਧਰ ’ਤੇ ਸਪੈਸ਼ਲ ਟਾਸਕ ਫੋਰਸ ਦਾ ਗਠਨ ਕਰਨ ਬਾਰੇ ਵੀ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ, ਡਿਪਟੀ ਰਜਿਸਟਰਾਰ ਸਹਿਕਾਰਤਾ ਤਜੇਸ਼ਵਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਅਮਰੀਕ ਸਿੰਘ ਵੀ ਹਾਜ਼ਰ ਸਨ।