ਬੁਰਜ ਹਰੀ/ਮਾਨਸਾ, 22 ਜੂਨ(ਸਾਰਾ ਯਹਾਂ/ਬੀਰਬਲ ਧਾਲੀਵਾਲ) : ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਆਸ਼ੇ ਦੀ ਪੂਰਤੀ ਹਿੱਤ ਜ਼ਿਲ੍ਹੇ ਦੇ ਸੌ ਫੀਸਦੀ ਪਿੰਡਾਂ ਦੇ ਨਿਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਟੀਕਾਕਰਨ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਪਿੰਡ ਬੁਰਜ ਹਰੀ ਵਿਖੇ ਸਿਹਤ ਵਿਭਾਗ ਦੁਆਰਾ ਆਯੋਜਿਤ ਵੈਕਸੀਨੇਸ਼ਨ ਕੈਂਪ ਦਾ ਅਚਨਚੇਤ ਨਿਰੀਖਣ ਕਰਨ ਤੋਂ ਬਾਅਦ ਪਿੰਡ ਦੇ ਪਤਵੰਤਿਆਂ ਨਾਲ ਗੱਲਬਾਤ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਹੋਰਨਾਂ ਅਧਿਕਾਰੀਆਂ ਸਮੇਤ ਪਿੰਡ ਵਾਸੀਆਂ ਦੇ ਘਰਾਂ ਵਿੱਚ ਵੀ ਪਹੁੰਚ ਕੀਤੀ ਅਤੇ ਲੋਕਾਂ ਨੂੰ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੂਰੀ ਦੁਨੀਆਂ ਕੋਰੋਨਾ ਮਹਾਂਮਾਰੀ ਦੇ ਸੰਕਟ ਨਾਲ ਜੂਝ ਰਹੀ ਹੈ ਇਸ ਲਈ ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵਾਂ ਤੋਂ ਬਚਾਅ ਲਈ ਟੀਕਾਕਰਨ ਕਰਵਾਉਣ ਲਈ ਸਵੈ ਇੱਛਾ ਨਾਲ ਅੱਗੇ ਆਉਣ ਦੀ ਲੋੜ ਹੈ। ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ
ਹੁਣ ਤੱਕ ਜ਼ਿਲ੍ਹੇ ਵਿੱਚ 85 ਹਜ਼ਾਰ ਤੋਂ ਵੱਧ ਲੋਕ ਵੈਕਸੀਨੇਸ਼ਨ ਕਰਵਾ ਚੁੱਕੇ ਹਨ ਅਤੇ ਆਉਣ ਵਾਲੇ ਇੱਕ ਹਫ਼ਤੇ ਦੇ ਅੰਦਰ ਅੰਦਰ ਇਸ ਗਿਣਤੀ ਵਿੱਚ ਵੱਡਾ ਵਾਧਾ ਹੋਣ ਦੇ ਆਸਾਰ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਏ.ਡੀ.ਸੀ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਸਮੇਤ ਪਿੰਡ ਦੇ ਕੁਝ ਘਰਾਂ ਵਿੱਚ ਪਹੁੰਚ ਕਰਕੇ ਨਿਵਾਸੀਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਸੁਵਿਧਾ ਲਈ ਸ਼ਨੀਵਾਰ ਵੀ ਪਿੰਡ ਬੁਰਜ ਹਰੀ ਵਿਖੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਇਆ ਜਾਵੇਗਾ ਤਾਂ ਜੋ ਕੋਈ ਵੀ ਯੋਗ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਬਜੁਰਗ ਜਾਂ ਅੰਗਹੀਣ ਵਿਅਕਤੀ ਕੈਂਪ ਵਿੱਚ ਆਉਣ ਤੋਂ ਅਸਮਰੱਥ ਹੋਣ ਪਰ ਵੈਕਸੀਨੇਸ਼ਨ ਕਰਵਾਉਣ ਦੇ ਇੱਛੁਕ ਹੋਣ, ਤਾਂ ਅਜਿਹੇ ਵਿਅਕਤੀਆਂ ਦੇ ਟੀਕਾਕਰਨ ਲਈ ਘਰਾਂ ਵਿੱਚ ਪਹੁੰਚ ਕੀਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪ੍ਰਦੀਪ ਗਿੱਲ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਟੀਕਾਕਰਨ ਤੇ ਸੈਂਪਲਿੰਗ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡ ਵਿੱਚ ਵਾਰਡ
ਮੁਤਾਬਕ ਟੀਮਾਂ ਦਾ ਗਠਨ ਕੀਤਾ ਜਾਵੇ ਤਾਂ ਜੋ ਟੀਕਾਕਰਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਇਸ ਦੌਰਾਨ ਸਿਵਲ ਸਰਜਨ ਨੇ ਟੀਕਾਕਰਨ ਦੇ ਫਾਇਦਿਆਂ ਅਤੇ ਕੋਵਿਡ ਦੀ ਮੌਜੂਦਾ ਸਥਿਤੀ ਬਾਰੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਹੀ ਨਾਗਰਿਕਾਂ ਨੂੰ ਟੀਕਾਕਰਨ ਜ਼ਰੂਰ ਕਰਵਾਉਣ ਲਈ ਉਤਸ਼ਾਹਿਤ ਕੀਤਾ।