ਮਾਨਸਾ, 27 ਅਕਤੂਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ)ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੇ ਹਿੱਤਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਿਜਲੀ ਬਿੱਲਾਂ ਦਾ ਬਕਾਇਆ ਮੁਆਫ਼ੀ ਸਬੰਧੀ ਯੋਜਨਾ ਤਹਿਤ ਪੀ.ਐਸ.ਪੀ.ਸੀ.ਐਲ ਵੱਲੋਂ ਲਾਭਪਾਤਰੀਆਂ ਦੀ ਸੁਵਿਧਾ ਲਈ ਲਗਾਏ ਜਾ ਰਹੇ ਕੈਂਪਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ 2 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ਵਾਲੇ ਖ਼ਪਤਕਾਰਾਂ ਨੂੰ ਇਹ ਵੱਡੀ ਰਾਹਤ ਦਿੱਤੀ ਹੈ ਜਿਸ ਦਾ ਲਾਭ ਲੈਣ ਤੋਂ ਕੋਈ ਵੀ ਖ਼ਪਤਕਾਰ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਉਪ ਮੰਡਲ ਮੈਜਿਸਟਰੇਟ ਨੂੰ ਵੀ ਇਨ੍ਹਾਂ ਕੈਂਪਾਂ ਦਾ ਨਿਰੀਖਣ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੁਆਰਾ ਯੋਗ ਲਾਭਪਾਤਰੀਆਂ ਦੀ ਸ਼ਨਾਖਤ ਕਰਕੇ ਪੰਜ ਮਰਲੇ ਦੇ ਪਲਾਟ ਦੇਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ 28 ਅਤੇ 29 ਅਕਤੂਬਰ ਨੂੰ ਸਬ ਡਵੀਜ਼ਨਾਂ ਅਤੇ ਜ਼ਿਲ੍ਹਾ ਪੱਧਰ ’ਤੇ ਲੱਗਣ ਵਾਲੇ ਸੁਵਿਧਾ ਕੈਂਪਾਂ ਦੀ ਸਫ਼ਲਤਾ ਲਈ ਵੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਲੋਕ ਹਿੱਤ ਵਿੱਚ ਲਗਾਏ ਜਾਣ ਵਾਲੇ ਇਨ੍ਹਾਂ ਕੈਂਪਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਵੱਖ ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਲੋੜਵੰਦਾਂ ਨੂੰ ਹਾਸਲ ਹੋ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਜੇ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਅਮਰਪ੍ਰੀਤ ਕੌਰ ਸੰਧੂ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ ਡਾ. ਸ਼ਿਖਾ ਭਗਤ, ਐਸ.ਡੀ.ਐਮ ਸਰਦੂਲਗੜ੍ਹ ਮਨੀਸ਼ਾ ਰਾਣਾ, ਐਸ.ਡੀ.ਐਮ ਬੁਢਲਾਡਾ ਕਾਲਾ ਰਾਮ ਕਾਂਸਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ:
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਵੱਖ ਵੱਖ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ।