ਮਾਨਸਾ, 30 ਜੁਲਾਈ (ਸਾਰਾ ਯਹਾ, ਬਲਜੀਤ ਸ਼ਰਮਾ) : ਹਰ ਬੁੱਧਵਾਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ ਤੋਂ ਸਿੱਧੇ ਪ੍ਰਸਾਰਣ ਰਾਹੀਂ ਡਿਪਟੀ ਕਮਿਸ਼ਨਰ ਵੱਲੋਂ ਜਿੱਥੇ ਕੋਰੋਨਾ ਵਾਇਰਸ ਸਬੰਧੀ ਲੋਕਾਂ ਦੇ ਰੂਬਰੂ ਹੋਕੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ, ਉਥੇ ਹੀ ਲੋਕਾਂ ਵੱਲੋਂ ਕੀਤੇ ਜਾਂਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਂਦੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਲੋਕਾਂ ਨੂੰ ਜ਼ਿਲ੍ਹੇ ਅੰਦਰ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਕੋਵਿਡ-19 ਨੂੰ ਠੱਲ ਪਾਉਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂ ਕਰਵਾਇਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਸਾ ਦੇ ਵਸਨੀਕਾਂ ਦੀ ਜਾਗਰੂਕਤਾ ਸਦਕਾ ਕੋਵਿਡ-19 ਦੇ ਕੇਸ ਬਹੁਤ ਹੀ ਘੱਟ ਹਨ ਜਿਸ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਮਾਨਸਾ ਵਾਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀ ਇਸੇ ਤਰ੍ਹਾਂ ਸਾਵਧਾਨੀਆਂ ਦੀ ਵਰਤੋਂ ਕਰਕੇ ਖੁਦ ਨੂੰ ਅਤੇ ਸਮਾਜ ਨੂੰ ਇਸ ਬਿਮਾਰੀ ਤੋਂ ਬਚਾਈ ਰੱਖਣ ਵਿੱਚ ਆਪਣਾ ਸਹਿਯੋਗ ਕਰਦੇ ਰਹਿਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਸ਼ੱਕੀ ਵਿਅਕਤੀਆਂ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਤੇਜ਼ੀ ਨਾਲ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 18 ਹਜ਼ਾਰ ਤੋਂ ਵੀ ਵਧੇਰੇ ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ 35 ਐਕਟਿਵ ਕੇਸ ਹਨ, ਜਿਨ੍ਹਾਂ ਨੂੰ ਕੋਵਿਡ ਕੇਅਰ ਸੈਂਟਰ ਅਤੇ ਸਰਕਾਰੀ ਹਸਪਤਾਲ ਵਿਖੇ ਦਾਖਲ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ 100 ਬੈਡਾਂ ਵਾਲੇ ਕੋਵਿਡ ਕੇਅਰ ਸੈਂਟਰ ਵਿਖੇ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਏ.ਐਨ.ਐਮ., ਨਰਸ ਅਤੇ ਹੋਰ ਮੈਡੀਕਲ ਸਟਾਫ਼ ਦੀਆਂ ਗਠਿਤ ਟੀਮਾਂ ਵੱਲੋਂ ਘਰ-ਘਰ ਜਾ ਕੇ ਸਰਵੇਅ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 3 ਲੱਖ 20 ਹਜ਼ਾਰ 560 ਲੋਕਾਂ ਦਾ ਮੈਡੀਕਲ ਮੁਆਇਨਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਰਵੇਖਣ ਦੌਰਾਨ ਜਿਨ੍ਹਾਂ ਵਿਅਕਤੀਆਂ ਵਿੱਚ ਕੋਰੋਨਾ ਸਬੰਧੀ ਕੋਈ ਵੀ ਲੱਛਣ ਪਾਇਆ ਜਾਂਦਾ ਹੈ ਉਸਦਾ ਤੁਰੰਤ ਟੈਸਟ ਕਰਵਾ ਕੇ ਇਲਾਜ ਲਈ ਦਾਖਲ ਕੀਤਾ ਜਾਂਦਾ ਹੈ।
ਇਸ ਮੌਕੇ ਲੋਕਾਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਸਬੰਧੀ ਅਣਗਹਿਲੀ ਵਰਤਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਤੋਂ ਬਚੇ ਰਹਿਣ ਲਈ ਦੱਸੀਆਂ ਜਾਂਦੀਆਂ ਸਾਵਧਾਨੀਆਂ ਦੀ ਵਰਤੋਂ ਨੂੰ ਖੁਦ ‘ਤੇ ਲਾਗੂ ਕਰਨ। ਉਨ੍ਹਾਂ ਨਾਲ ਹੀ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਕੋਵਾ ਐਪ ਰਾਹੀਂ ਹੋਣ ਵਾਲੇ ਮੁਕਾਬਲਿਆਂ ਦੇ ਜੇਤੂਆਂ ਨੂੰ ਗੋਲਡ, ਸਿਲਵਰ ਅਤੇ ਬਰਾਊਂਜ਼ ਸਰਟੀਫਿਕੇਟ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਬਚਣ ਲਈ ਮਾਸਕ ਦੀ ਵਰਤੋਂ, ਸਮਾਜਿਕ ਦੂਰੀ ਰੱਖਣਾ, ਹੱਥ ਵਾਰ-ਵਾਰ ਧੋਣਾ ਆਦਿ ਸਾਵਧਾਨੀਆਂ ਨੂੰ ਅਪਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਫ਼ਤਿਹ ਦਾ ਹਿੱਸਾ ਬਣ ਕੇ ਲੋਕਾਂ ਨੂੰ ਵੀ ਇਨ੍ਹਾਂ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਕੇ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਅਦਾ ਕਰਨ।
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹਾ ਲੋਕ ਸੰਪਰਕ ਦੇ ਫੇਸਬੁੱਕ ਪੇਜ਼ (District Public Relations Office Mansa) ‘ਤੇ ਆ ਕੇ #AskDcMansa ਨਾਲ ਟੈਗ ਕਰਕੇ ਸਵਾਲ ਕੀਤਾ ਜਾ ਸਕਦਾ ਹੈ।