ਮਾਨਸਾ, 09 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਅੱਜ ਕੋਰੋਨਾ ਵਾਇਰਸ ਦੀ ਸਥਿਤੀ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ) ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਜਿੰਨੇ ਵੀ ਐਕਟਿਵ ਕੇਸ ਹਨ ਉਨ੍ਹਾਂ ਨਾਲ ਰੋਜ਼ਾਨਾ ਦੇ ਆਧਾਰ ’ਤੇ ਮੋਬਾਇਲ ਫੋਨ ਰਾਹੀਂ ਜਾਂ ਘਰਾਂ ਦਾ ਦੌਰਾ ਕਰਕੇ ਰਾਬਤਾ ਰੱਖਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਰੋਨਾ ਪਾਜ਼ੀਟਿਵ ਨਾਗਰਿਕਾਂ ਦਾ ਮਨੋਬਲ ਉੱਚਾ ਚੁੱਕਿਆ ਜਾ ਸਕੇ ਅਤੇ ਉਹ ਆਪਣੇ ਦ੍ਰਿੜ ਆਤਮ ਵਿਸ਼ਵਾਸ ਅਤੇ ਡਾਕਟਰੀ ਨਿਗਰਾਨੀ ਹੇਠ ਛੇਤੀ ਤੋਂ ਛੇਤੀ ਸਿਹਤਯਾਬ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੇ ਆਰ.ਆਰ.ਟੀ ਨੂੰ ਕਿਸੇ ਵੀ ਸਮੇਂ ਕਿਸੇ ਪਾਜ਼ੀਟਿਵ ਮਰੀਜ਼ ਦੀ ਸਿਹਤ ਵਿੱਚ ਨਿਘਾਰ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਸਿਹਤ ਵਿਭਾਗ ਦੀ ਟੀਮ ਨੂੰ ਦੇਣ ਦਾ ਪਾਬੰਦ ਹੋਵੇਗਾ । ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸਮਾਜ ਦੀ ਭਲਾਈ ਹਿੱਤ ਸਵੈ-ਇੱਛਾ ਨਾਲ ਕੋਵਿਡ ਦਾ ਟੈਸਟ ਕਰਵਾਉਣ ਦੀ ਅਪੀਲ ਕੀਤੀ।
ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜ਼ਨਾਂ ਅੰਦਰ ਉਪ ਮੰਡਲ ਮੈਜਿਸਟਰੇਟ ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਇਸਨੂੰ ਠੱਲ੍ਹ ਪਾਉਣ ਲਈ ਬਿਮਾਰੀ ਤੋਂ ਪੀੜਤ ਵਿਅਕਤੀਆਂ ਦਾ ਸਮਾਂ ਰਹਿੰਦਿਆਂ ਹੀ ਪਤਾ ਲੱਗਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਕੋਰੋਨਾ ਤੋਂ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆ ਕੇ ਹੋਰਨਾਂ ਵਿਅਕਤੀਆਂ ਨੂੰ ਇਸ ਬਿਮਾਰੀ ਦੀ ਲਾਗ ਨਾ ਲੱਗ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਰੋਨਾਂ ਜਾਂਚ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੀ ਜਾਂਚ ਕਰਵਾਉਣ। ਉਨ੍ਹਾਂ ਇਹ ਵੀ ਆਖਿਆ ਕਿ ਜਿਸ ਵੀ ਪਿੰਡ ਜਾਂ ਵਾਰਡ ਵਿੱਚ ਸੈਂਪÇਲੰਗ ਕਰਵਾਉਣੀ ਹੁੰਦੀ ਹੈ ਉਸ ਸਬੰਧੀ ਕੋਰੋਨਾ ਜਾਂਚ ਕਰਵਾਉਣ ਵਾਲਿਆਂ ਦੀ ਗਿਣਤੀ ਅਤੇ ਸ਼ਡਿਊਲ ਸਬੰਧੀ ਜਾਣਕਾਰੀ ਆਪਸੀ ਤਾਲਮੇਲ ਨਾਲ ਸਬੰਧਤ ਵਿਭਾਗਾਂ ਨੂੰ ਅਗੇਤੇ ਤੌਰ ’ਤੇ ਦੇਣੀ ਯਕੀਨੀ ਬਣਾਈ ਜਾਵੇ ਤਾਂ ਜੋ ਉਸ ਅਨੁਸਾਰ ਟੀਮਾਂ ਦਾ ਗਠਨ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਿੰਨ੍ਹੇ ਵੀ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ ਉਨ੍ਹਾਂ ਵਿੱਚ 100 ਫੀਸਦੀ ਟੈਸਟਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਜੋ ਵਿਅਕਤੀ ਘਰ ਵਿੱਚ ਇਕਾਂਤਵਾਸ ਹਨ, ਉਹ ਵੀ ਨਿਰਧਾਰਤ ਸਮਾਂ ਪੂਰਾ ਹੋਣ ਤੱਕ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਘਰ ਵਿੱਚ ਇਕਾਂਤਵਾਸ ਸਬੰਧੀ ਸਰਕਾਰ ਦੇ ਨਿਯਮਾਂ ਦਾ ਪੂਰੀ ਤਰ੍ਹਾਂ ਨਾਲ ਪਾਲਣ ਕਰਨ। ਉਨ੍ਹਾਂ ਕਿਹਾ ਕਿ ਕੋਵਿਡ ਬਿਮਾਰੀ ਤੋਂ ਬਚਾਅ ਲਈ ਸਿਹਤ ਸਲਾਹਾਂ ਦੀ ਪਾਲਣਾ ਕਰਨ ਦੀ ਲੋੜ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਸ਼੍ਰੀਮਤੀ ਸ਼ਿਖਾ ਭਗਤ, ਐਸ.ਡੀ.ਐਮ. ਸ਼੍ਰੀ ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਸਰਬਜੀਤ ਕੌਰ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਅਤੇ ਇੰਚਾਰਜ ਜ਼ਿਲ੍ਹਾ ਸੈਂਪÇਲੰਗ ਟੀਮ ਡਾ. ਰਣਜੀਤ ਸਿੰਘ ਰਾਏ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।