-ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਚੌਥੇ ਤੇ ਪੰਜਵੇਂ ਹਫ਼ਤੇ ਵਿੱਚ ਜ਼ਿਆਦਾ ਸਾਵਧਾਨੀਆਂ ਵਰਤਣ ਦੀ ਅਪੀਲ

0
23

ਮਾਨਸਾ, 28 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ) : ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਰੂਰੀ ਵਸਤਾਂ ਜ਼ਿਲ੍ਹਾ ਵਾਸੀਆਂ ਦੇ ਘਰ-ਘਰ ਪੰਹੁਚਾਈਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਘਰਾਂ ਵਿੱਚ ਹੀ ਲੋੜੀਂਦਾ ਸਮਾਨ ਮਿਲਦਾ ਰਹੇ ਅਤੇ ਲੋਕ ਬਾਹਰ ਨਾ ਨਿਕਲਣ ਕਿਉਂਕਿ ਇਸ ਬਿਮਾਰੀ ਤੋਂ ਬਚਣ ਦਾ ਇੱਕੋ ਹੀ ਰਸਤਾ ਹੈ ਕਿ ਇਸ ਵਾਇਰਸ ਦੀ ਚੇਨ ਨੂੰ ਤੋੜਿਆ ਜਾਵੇ ਜੋ ਕਿ ਲੋਕਾਂ ਦੇ ਘਰਾਂ ਵਿੱਚ ਰਹਿਣ ਨਾਲ ਹੀ ਸੰਭਵ ਹੈ।
 ਇਸ ਸਬੰਧੀ ਬੋਲਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਲੋਕਾਂ ਦਾ ਸਹਿਯੋਗ ਹੀ ਪ੍ਰਸਾਸ਼ਨ ਦੀ ਇਸ ਵਾਇਰਸ ਤੋਂ ਲੜਨ ਨਾਲ ਅਸਲ ਤਾਕਤ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਹਰਲੇ ਦੇਸ਼ਾਂ ਦੇ ਅੰਕੜਿਆਂ ਮੁਤਾਬਿਕ ਚੌਥੇ ਤੇ ਪੰਜਵੇਂ ਹਫ਼ਤੇ ਵਿੱਚ ਕੋਰੋਨਾ ਪੀੜਤਾਂ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ। ਭਾਰਤ ਵਿੱਚ ਇਸ ਸਮੇਂ ਕੋਰੋਨਾ ਵਾਇਰਸ ਦਾ ਤੀਜਾ ਹਫ਼ਤਾ ਚੱਲ ਰਿਹਾ ਹੈ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਪੁਰਜੋਰ ਅਪੀਲ ਹੈ ਕਿ ਚੌਥੇ ਤੇ ਪੰਜਵੇਂ ਹਫ਼ਤੇ ਜ਼ਿਆਦਾ ਸਾਵਧਾਨੀਆਂ ਵਰਤੀਆਂ ਜਾਣ। ਘਰਾਂ ਵਿੱਚੋਂ ਬਾਹਰ ਨਾ ਨਿਕਲਿਆ ਜਾਵੇ ਕਿਉਂਕਿ ਜ਼ਰੂਰਤ ਦਾ ਸਮਾਨ ਤੁਹਾਡੇ ਘਰਾਂ ਤੱਕ ਹੀ ਪਹੁੰਚਾਇਆ ਜਾ ਰਿਹਾ ਹੈ।
    ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਜਿਵੇਂ ਰਾਸ਼ਨ, ਦੁੱਧ, ਦਵਾਈਆਂ, ਐਲ.ਪੀ.ਜੀ. ਗੈਸ, ਪਸ਼ੂਆਂ ਲਈ ਚਾਰਾ ਘਰ-ਘਰ ਜਾ ਕੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਸੈਨੇਟਾਈਜ਼ਰ ਅਤੇ ਡਿਸਇਨਫੈਕਟ ਸਪਰੇਅ ਦਾ ਛਿੜਕਾਅ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦਾ ਵਾਇਰਸ ਨਸ਼ਟ ਕੀਤਾ ਜਾ ਸਕੇ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਘਰਾਂ ਵਿੱਚ ਰਹਿ ਕੇ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨ ਅਤੇ ਇਸ ਕੋਰੋਨਾ ਬਿਮਾਰੀ ਤੋਂ ਬਚਾਅ ਸਬੰਧੀ 40 ਤੋਂ ਵੀ ਵੱਧ ਪ੍ਰਚਾਰ ਵੈਨ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਰਵਾਨਾਂ ਕੀਤੀਆਂ ਹੋਈਆਂ ਹਨ, ਜੋ ਪਿੰਡ-ਪਿੰਡ, ਸ਼ਹਿਰ-ਸ਼ਹਿਰ ਜਾ ਕੇ ਮੁਨਾਦੀ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਅਪੀਲ ਕਰ ਰਹੀਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲਗਾਤਾਰ ਸ਼ੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰੋਨਿਕ ਮੀਡੀਆ ਦੇ ਮਾਧਿਅਮ ਰਾਹੀਂ ਵੀ ਲੋਕਾਂ ਅਪਡੇਟ ਕੀਤਾ ਜਾ ਰਿਹਾ ਹੈ ਅਤੇ ਘਰਾਂ ਵਿੱਚ ਰਹਿਣ ਸਬੰਧੀ ਅਪੀਲ ਕੀਤੀ ਜਾ ਰਹੀ ਹੈ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ 12 ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੋ ਵਿਅਕਤੀ ਬਾਹਰਲੇ ਦੇਸ਼ਾਂ ਤੋਂ ਆਏ ਹਨ, ਉਨ੍ਹਾਂ ਨੂੰ 14 ਦਿਨਾਂ ਤੱਕ ਇਕਾਂਤਵਾਸ ਵਿੱਚ ਰੱਖ ਕੇ ਅਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋਂ ਕਈ ਵਿਅਕਤੀਆਂ ਦਾ 14 ਦਿਨ ਦਾ ਸਮਾਂ ਸਮਾਪਤ ਹੋ ਚੁੱਕਾ ਹੈ ਅਤੇ ਉਹ ਬਿਲਕੁੱਲ ਤੰਦਰੁਸਤ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਐਮਰਜੈਂਸੀ ਕੇਸਾਂ ਦੀ ਸਥਿਤੀ ਵਿੱਚ ਲੋਕਾਂ ਦੇ ਕਰਫਿਊ ਪਾਸ ਵੀ ਜਾਰੀ ਕੀਤੇ ਜਾ ਰਹੇ ਹਨ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਕੁਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਇਸ ਆਪਦਾ ਦੀ ਘੜੀ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਨੂੰ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਜ਼ਰੂਰਤ ਅਨੁਸਾਰ ਘਰ-ਘਰ ਜ਼ਰੂਰੀ ਵਸਤਾਂ ਦੀ ਸਪਲਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਦੀ ਸਿਹਤ ਪ੍ਰਤੀ ਗੰਭੀਰ ਹੈ ਅਤੇ ਇਸ ਵਾਇਰਸ ਤੋਂ ਬਚਾਈ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਮਾਨਸਾ ਜ਼ਿਲ੍ਹੇ ਅੰਦਰ ਕੋਈ ਵੀ ਕੇਸ ਕੋਰੋਨਾ ਵਾਇਰਸ ਦਾ ਪਾਜਿਟਿਵ ਨਹੀਂ ਪਾਇਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਘਰਾਂ ਵਿੱਚ ਰਹਿ ਕੇ ਇਸ ਬਿਮਾਰੀ ਨੂੰ ਜੜ੍ਹੋ ਖ਼ਤਮ ਕਰਨ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਦੇ ਰਹਿਣ।

LEAVE A REPLY

Please enter your comment!
Please enter your name here