ਡਿਪਟੀ ਕਮਿਸ਼ਨਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਈ ਕਾਰਡ ਬਣਾਉਣ ਲਈ ਵਿਸ਼ੇਸ ਕੈਂਪ ਲਗਾਉਣ ਦੀ ਹਦਾਇਤ

0
65

ਮਾਨਸਾ, 18 ਫਰਵਰੀ (ਸਾਰਾ ਯਹਾ /ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਨੂੰ ਜ਼ਿਲ੍ਹਾ ਮਾਨਸਾ ਵਿਖੇ ਲਾਗੂ ਕਰਨ ਲਈ ਕਾਰਜਸ਼ੀਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੇ ਇਸ ਯੋਜਨਾ ਦੇ ਅਧੀਨ ਈ ਕਾਰਡ ਬਣਵਾਉਣ ਲਈ ਸ਼ਹਿਰਾਂ ਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮਿਆਰੀ ਸਿਹਤ ਨੂੰ ਯਕੀਨੀ ਬਣਾਉਣ ਲਈ ਇਸ ਯੋਜਨਾ ਤੱਕ ਲਗਾਏ ਜਾਣ ਵਾਲੇ ਕੈਂਪਾਂ ਦੀ ਪਹੁੰਚ ਹਰ ਉਸ ਲਾਭਪਾਤਰੀ ਤੱਕ ਹੋਣੀ ਚਾਹੀਦੀ ਹੈ ਜੋ ਇਸ ਤਹਿਤ ਪਹਿਲਾਂ ਤੋਂ ਰਜਿਸਟਰਡ ਹੈ ਅਤੇ ਹਾਲੇ ਤੱਕ ਵੀ ‘ਈ ਕਾਰਡ’ ਬਣਵਾਉਣ ਤੋਂ ਵਾਂਝਾ ਹੈ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯੋਜਨਾ ਲੋੜਵੰਦਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਬੇਹੱਦ ਮਹੱਤਵਪੂਰਨ ਹੈ ਜਿਸ ਤਹਿਤ ਲੋੜ ਪੈਣ ‘ਤੇ ਇਹ ਲਾਭਪਾਤਰੀ ਆਪਣੇ ਈ ਕਾਰਡ ਦੇ ਆਧਾਰ ‘ਤੇ ਇੰਪੈਨਲਡ ਹਸਪਤਾਲਾਂ ਵਿੱਚ ਆਪਣਾ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਖੁਰਾਕ ਸਪਲਾਈ, ਮੰਡੀ ਅਫ਼ਸਰ, ਖੇਤੀਬਾੜੀ, ਐਕਸਾਈਜ਼ ਅਤੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਾਭਪਾਤਰੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਹਰ ਪਿੰਡ ਅਤੇ ਸ਼ਹਿਰ ਵਿੱਚ ਕਾਰਡ ਬਣਾਉਣ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਰਾਬਤਾ ਰੱਖਦੇ ਹੋਏ ਯੋਗ ਲਾਭਪਾਤਰੀਆਂ ਤੱਕ ਪਹੁੰਚ ਕੀਤੀ ਜਾਵੇ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ‘ਤੇ ਈ ਕਾਰਡ ਬਣਵਾਏ ਜਾਣ ਅਤੇ ਇਸ ਸਬੰਧੀ ਰੋਜ਼ਾਨਾ ਦੇ ਆਧਾਰ ‘ਤੇ ਆਪਣੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਯੋਗ ਲਾਭਪਾਤਰੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ ਫਾਰਮ ਧਾਰਕ ਕਿਸਾਨ ਪਰਿਵਾਰ, ਉਸਾਰੀ ਕਿਰਤੀ ਭਲਾਈ ਬੋਰਡ ਨਾਲ ਪੰਜੀਕ੍ਰਿਤ ਮਜ਼ਦੂਰ, ਛੋਟੇ ਵਪਾਰੀ, ਪ੍ਰਵਾਨਿਤ ਤੇ ਪੀਲਾ ਕਾਰਡ ਧਾਰਕ ਪੱਤਰਕਾਰ, ਜੋ ਇਸ ਯੋਜਨਾ ਅਧੀਨ ਰਜਿਸਟਰਡ ਹਨ, ਉਹ ਆਪਣਾ ਕਾਰਡ ਬਣਵਾਉਣ ਲਈ ਮਾਰਕਿਟ ਕਮੇਟੀ ਮਾਨਸਾ, ਭੀਖੀ, ਬਰੇਟਾ, ਬੁਢਲਾਡ, ਸਰਦੂਲਗੜ੍ਹ ਜਾਂ ਬੋਹਾ ਵਿਖੇ ਪਹੁੰਚ ਕਰ ਸਕਦੇ ਹਨ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਲਗਾਤਾਰ ਇਸ ਯੋਜਨਾ ਨੂੰ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਅੱਜ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੀ ਯੋਗ ਲਾਭਪਾਤਰੀਆਂ ਨੂੰ ਈ ਕਾਰਡ ਮੁਹੱਈਆ ਕਰਵਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਡੀ.ਐਫ.ਐਸ.ਸੀ ਮਧੂ ਗੋਇਲ, ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।  

NO COMMENTS