ਮਾਨਸਾ, 30 ਮਾਰਚ (ਸਾਰਾ ਯਹਾਂ /ਜੋਨੀ ਜਿੰਦਲ): ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸੌ ਫੀਸਦੀ ਲਾਭਪਾਤਰੀਆਂ ਤੱਕ ਮਿਆਰੀ ਸਿਹਤ ਸੁਵਿਧਾਵਾਂ ਪਹੁੰਚਣੀਆਂ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਯੋਜਨਾ ਦਾ ਲਾਭ ਉਨ੍ਹਾਂ ਸੌ ਫੀਸਦੀ ਲੋਕਾਂ ਨੂ ੰਜ਼ਮੀਨੀ ਪੱਧਰ ‘ਤੇ ਪਹੁੰਚਾਉਣ ਲਈ ਯਤਨਸ਼ੀਲ ਹੈ ਅਤੇ ਸਬੰਧਤ ਵਿਭਾਗਾਂ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਿਰਧਾਰਿਤ ਟੀਚੇ ਨੂੰ ਪੂਰਾ ਕਰਨ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਅਧੀਨ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦਾ ਸਾਰਥਕ ਉਪਰਾਲਾ ਕੀਤਾ ਗਿਆ ਹੈ ਜਿਸ ਨਾਲ ਜ਼ਿਲ੍ਹੇ ਦੇ ਲੋੜਵੰਦ ਭਵਿੱਖ ਵਿੱਚ ਵੀ ਇਨ੍ਹਾਂ ਸੁਵਿਧਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.), ਸੇਵਾ ਕੇਂਦਰਾਂ ਅਤੇ ਮਾਰਕਿਟ ਕਮੇਟੀਆਂ ਵਿੱਚ ਈ-ਕਾਰਡ ਬਣਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਨਗਦੀ ਰਹਿਤ ਇਲਾਜ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ ।
ਮੀਟਿੰਗ ਦੌਰਾਨ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮਨਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।