ਡਿਪਟੀ ਕਮਿਸ਼ਨਰ ਵੱਲੋਂ ਸਰਬਤ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਤੌਰ ‘ਤੇ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ

0
37

ਮਾਨਸਾ, 12 ਫਰਵਰੀ(ਸਾਰਾ ਯਹਾਂ /ਜੋਨੀ ਜਿੰਦਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਿੱਧੇ ਤੌਰ ‘ਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਕੀਮ ਹੈ ਜਿਸ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਇਆ ਜਾਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀਆਂ ਦਿੱਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਨਾਲ ਇਸ ਸਬੰਧੀ ਲਗਾਤਾਰ ਰਾਬਤਾ ਰੱਖਿਆ ਜਾਵੇ ਤਾਂ ਜੋ ਲੋੜਵੰਦਾਂ ਨੂੰ ਇਹ ਕਾਰਡ ਬਣਵਾਉਣ ਵਿੱਚ ਕੋਈ ਵੀ ਦਿੱਕਤ ਪੇਸ਼ ਨਾ ਆ ਸਕੇ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਕਾਰਡ ਬਣਾਉਣ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਇਸ ਸਬੰਧੀ ਰੋਜ਼ਾਨਾ ਮੀਟਿੰਗ ਕੀਤੀ ਜਾਵੇ ਅਤੇ ਇਹ ਜਾਇਜ਼ਾ ਲਿਆ ਜਾਵੇ ਕਿ ਰੋਜ਼ਾਨਾ ਕਿੰਨੇ ਕਾਰਡਾਂ ਦਾ ਡਾਟਾ ਅਪਡੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿਹਤ ਅਧਿਕਾਰੀਆਂ ਤੋਂ ਰਾਜ ਅਤੇ ਕੇਂਦਰ ਦੀਆਂ ਸਿਹਤ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। 
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕੋਵਿਡ ਦੇ ਟੀਕਾਕਰਨ ਅਭਿਆਨ ਦੀ ਸਥਿਤੀ, ਕੋਵਿਡ ਸੈਂਪਲਿੰਗ ਅਤੇ ਕੋਵਿਡ ਸਬੰਧੀ ਜਾਗਰੂਕਤਾ ਸਬੰਧੀ ਉਪਰਾਲੇ ਕਰਦੇ ਰਹਿਣ ਸਬੰਧੀ ਵੀ ਸਮੀਖਿਆ ਕੀਤੀ। ਸ਼੍ਰੀ ਮਹਿੰਦਰ ਪਾਲ ਨੇ ਆਮ ਨਾਗਰਿਕਾਂ ਵਿੱਚ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਰਲ ਮਿਲ ਕੇ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। 

NO COMMENTS