ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਧਿਕਾਰੀਆਂ ਨੂੰ ਕੋਰੋਨਾ ਟੈਸਟਾਂ ਦੀ ਗਿਣਤੀ ਵਧਾਉਣ ਲਈ ਯੋਜਨਾਬੱਧ ਉਪਰਾਲੇ ਕਰਨ ਦੀ ਹਦਾਇਤ

0
26

ਮਾਨਸਾ, 25 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਅੱਜ  ਸਿਹਤ ਵਿਭਾਗ ਦੇ  ਅਧਿਕਾਰੀਆਂ ਨਾਲ ਕੋਵਿਡ ਦੀ ਰੋਕਥਾਮ ਦੇ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਕੋਰੋਨਾ ਟੈਸਟਾਂ ਦੀ ਗਿਣਤੀ ਵਧਾਉਣ ਲਈ ਢੁਕਵੇਂ ਕਦਮ ਚੁੱਕਣ ਦੀ ਹਦਾਇਤ ਕੀਤੀ।ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਬੰਧਤ ਸਬ-ਡਵੀਜ਼ਨ ਦੇ ਐਸ.ਡੀ.ਐਮ. ਨਾਲ ਰਾਬਤਾ ਰੱਖਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਕੋਰੋਨਾ ਸੈਂਪਲਿੰਗ ਕਰਨ, ਤਾਂ ਜੋ ਕੋਰੋਨਾ ਪਾਜ਼ਿਟਿਵ ਵਿਅਕਤੀਆਂ ਸਬੰਧੀ ਸਮਾਂ ਰਹਿੰਦਿਆਂ ਹੀ ਪਤਾ ਚੱਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਹੋਣ ਨਾਲ ਸਿਹਤ ਉੱਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹੇ ਵਿਖੇ ਕੈਂਪ ਲਗਾਏ ਜਾਣ ਅਤੇ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਦੱਸਿਆ ਜਾਵੇ ਕਿ ਟੈਸਟ ਨਾ ਕਰਵਾਉਣ ਦੇ ਕੀ ਨੁਕਸਾਨ ਹਨ ਅਤੇ ਕਿਸ ਤਰ੍ਹਾਂ ਅਜਿਹੀਆਂ ਲਾਪ੍ਰਵਾਹੀਆਂ ਮਨੁੱਖੀ ਜੀਵਨ ਨੂੰ ਖ਼ਤਰੇ ਵਿੱਚ ਪਾ ਰਹੀਆਂ ਹਨ। ਕੋਵਿਡ ਪਾਜ਼ਿਟੀਵ ਪਾਏ ਜਾਣ ਵਾਲੇ ਮਰੀਜ਼ਾਂ ਦੀ ਕੰਟੈਕਟ ਟਰੇਸਿੰਗ ਵਿੱਚ ਵੀ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਕਰੋ ਕੰਟੇਨਮੈਂਟ ਜ਼ੋਨਾਂ ਵਿੱਚ ਵੀ ਸੈਂਪਲਿੰਗ ਪ੍ਰਕ੍ਰਿਆ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ ਦਿਨ ਵਿੱਚ ਦੋ ਵਾਰ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਰੋਜ਼ਾਨਾ ਦੇ ਅਧਾਰ ‘ਤੇ ਸਮੁੱਚੀ ਕਾਰਜ ਪ੍ਰਣਾਲੀ ਵਿੱਚ ਸੁਧਾਰ ਲਿਆਂਦਾ ਜਾਵੇ। ਉਨ੍ਹਾਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੋਵਿਡ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਇਕਾਂਤਵਾਸ ਕੋਵਿਡ ਪਾਜ਼ਿਟਿਵ ਵਿਅਕਤੀਆਂ ਦਾ ਮਨੋਬਲ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾਣ ਅਤੇ ਸਿਹਤ ਸਲਾਹਾਂ ਦੀ ਪਾਲਣਾ ਕਰਵਾਉਣਾ ਲਾਜ਼ਮੀ ਬਣਾਇਆ ਜਾਵੇ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਐਸ.ਡੀ.ਐਮ. ਮਾਨਸਾ ਸ਼ਿਖਾ ਭਗਤ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਮੌਜੂਦ ਸਨ।

NO COMMENTS