ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਸਖ਼ਤ ਦਿਸ਼ਾ ਨਿਰਦੇਸ਼ ਜਾਰੀ

0
8

ਮਾਨਸਾ, 16 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਨੂੰ ਗੰਦਗੀ ਮੁਕਤ ਕਰਨ ਲਈ ਮੁਹਿੰਮ ਨੂੰ ਤੇਜ਼ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾਉਣ ਸਬੰਧੀ ਪਹਿਲਾਂ ਤੋਂ ਜਾਰੀ ਹਦਾਇਤਾਂ ਨੂੰ ਜ਼ਿਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਆਖਿਆ ਕਿ ਦੁਕਾਨਾਂ ਦੀ ਅਚਨਚੇਤ ਜਾਂਚ ਕੀਤੀ ਜਾਵੇ ਅਤੇ ਪਲਾਸਟਿਕ ਦੇ ਲਿਫਾਫਿਆਂ ਵਿੱਚ ਸਮਾਨ ਵੇਚਣ ਵਾਲਿਆਂ ਅਤੇ ਇਨ੍ਹਾਂ ਲਿਫਾਫਿਆਂ ਦਾ ਭੰਡਾਰ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਲਾਸਟਿਕ ਦੇ ਲਿਫਾਫੇ ਗੰਦਗੀ ਵਿੱਚ ਵਾਧਾ ਕਰਦੇ ਹਨ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਮੂਹ ਵਿਭਾਗਾਂ ਨੂੰ ਆਪੋ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਘਰਾਂ ਵਿੱਚੋਂ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖੋ ਵੱਖਰਾ ਇਕੱਤਰ ਕਰਨ ਸਬੰਧੀ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ ਅਤੇ 31 ਦਸੰਬਰ ਤੋਂ ਪਹਿਲਾਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਸੌ ਫੀਸਦੀ ਘਰਾਂ ਵਿੱਚ ਕੂੜਾ ਕਰਕਟ ਇਕੱਤਰ ਕੀਤਾ ਜਾਣ ਲੱਗ ਪਿਆ ਹੈ। ਉਨ੍ਹਾਂ ਹਦਾਇਤ ਕੀਤੀ ਕਿ ਹਰ ਹਫ਼ਤੇ ਇਸ ਸਬੰਧੀ ਸਮੀਖਿਆ ਕੀਤੀ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਕੂੜੇ ਕਰਕਟ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾ ਸਕੇ। ਸ਼੍ਰੀ ਮਹਿੰਦਰ ਪਾਲ ਨੇ ਮੀਟਿੰਗ ਦੌਰਾਨ ਗੰਦੇ ਪਾਣੀ ਦੀ ਨਿਕਾਸੀ, ਕੰਪੋਜਿਟ ਪਿਟਸ ਦੇ ਨਿਰਮਾਣ ਦੀ ਸਥਿਤੀ, ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਕਾਰਗੁਜ਼ਾਰੀ, ਪਿੰਡਾਂ ‘ਚ ਬਣੇ ਛੱਪੜਾਂ ਦੀ ਸਾਫ਼ ਸਫ਼ਾਈ ਸਮੇਤ ਹੋਰ ਕਾਰਜਾਂ ਦਾ ਜਾਇਜ਼ਾ ਲਿਆ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਬਲਜੀਤ ਕੌਰ, ਡੀ.ਡੀ.ਪੀ.ਓ ਜਗਤਾਰ ਸਿੰਘ, ਐਸ.ਡੀ.ਓ ਪੰਜਾਬ  ਪ੍ਰਦੂਸ਼ਣ ਰੋਕਥਾਮ ਬੋਰਡ ਰਵੀ, ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ:
ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

NO COMMENTS