ਮਾਨਸਾ, 24,ਫਰਵਰੀ (ਸਾਰਾ ਯਹਾ /ਜੋਨੀ ਜਿੰਦਲ): ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦਾ ਲਾਭ ਜ਼ਿਲ੍ਹਾ ਮਾਨਸਾ ਦੇ ਸੌ ਫੀਸਦੀ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਟੀਚੇ ਨਾਲ ਇਨ੍ਹੀਂ ਦਿਨੀਂ ਵਿਸ਼ੇਸ਼ ਮੁਹਿੰਮ ਚਲਾ ਕੇ ਲਾਭਪਾਤਰੀਆਂ ਦੇ ਘਰਾਂ ਦੇ ਨਜ਼ਦੀਕ ਹੀ ਈ ਕਾਰਡ ਬਣਾਉਣ ਦੀ ਪ੍ਰਕਿਰਿਆ ਜਾਰੀ ਹੈ। ਰੋਜ਼ਾਨਾ ਦੇ ਆਧਾਰ ‘ਤੇ ਇਸ ਮੁਹਿੰਮ ਦੀ ਸਮੀਖਿਆ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਵੱਲੋਂ ਕੀਤੀ ਜਾ ਰਹੀ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਈ ਕਾਰਡ ਬਣਾਉਣ ਲਈ ਕਾਰਜਸ਼ੀਲ ਦੋ ਦਰਜਨ ਦੇ ਕਰੀਬ ਟੀਮਾਂ ਦੀ ਪ੍ਰਗਤੀ ਦੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ 28 ਫਰਵਰੀ ਤੱਕ ਸਭ ਲਾਭਪਾਤਰੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਤਹਿਤ ਕਵਰ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜ ਦੇ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਇਹ ਯੋਜਨਾ ਇੱਕ ਲਾਭਕਾਰੀ ਯੋਜਨਾ ਹੈ ਜਿਸ ਦਾ ਲਾਭ ਉਠਾਉਣ ਲਈ ਰਜਿਸਟਰਡ ਪਰਿਵਾਰਾਂ ਨੂੰ ਆਪਣੇ ਈ ਕਾਰਡ ਬਣਾਉਣ ਨੂੰ ਜ਼ਰੂਰ ਤਰਜੀਹ ਦੇਣੀ ਚਾਹੀਦੀ ਹੈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਕੋਲ ਅਧਾਰ ਕਾਰਡ, ਪਰਿਵਾਰ ਪਹਿਚਾਣ ਪੱਤਰ, ਰਾਸ਼ਨ ਕਾਰਡ (ਜੇਕਰ ਰਾਸ਼ਨ ਕਾਰਡ ਨਹੀਂ ਹੈ ਤਾਂ ਪਰਿਵਾਰ ਘੋਸ਼ਣਾ ਫਾਰਮ ਜੋ ਕੇ ਸਰਪੰਚ ਜਾਂ ਮਿਊਂਸਪਲ ਕੌਂਸਲਰ ਤੋਂ ਦਸਤਖ਼ਤ ਅਤੇ ਮੋਹਰ ਲੱਗਿਆ ਹੋਵੇ) ਅਤੇ ਉਸਾਰੀ ਕਿਰਤੀ ਦਾ ਰਜਿਸਟ੍ਰੇਸ਼ਨ ਕਾਰਡ (ਜੇਕਰ ਉਸ ਵਿੱਚ ਪਰਿਵਾਰ ਦੀ ਜਾਣਕਾਰੀ ਹੈ) ਹੋਣਾ ਲਾਜ਼ਮੀ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ, ਸਿਵਲ ਸਰਜਨ, ਮੰਡੀ ਅਧਿਕਾਰੀ, ਡੀ.ਐਫ.ਐਸ.ਸੀ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਬਕਾਇਆ ਕਾਰਡ ਬਣਾਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।