*ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਆਪਣੀ ਮੌਜੂਦਗੀ ਵਿੱਚ ਪਰਾਲੀ ਨੂੰ ਲੱਗੀ ਅੱਗ ਨੂੰ ਬੁਝਵਾਇਆ*

0
145

ਮਾਨਸਾ, 03 ਨਵੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
  ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਐਸ ਐਸ ਪੀ ਡਾ. ਭਾਗੀਰਥ ਸਿੰਘ ਮੀਨਾ ਵੱਲੋਂ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਖੇਤਾਂ ਵਿੱਚ ਲੱਗੀ ਅੱਗ ਨੂੰ ਆਪਣੀ ਮੌਜੂਦਗੀ ਵਿੱਚ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਖਿਆਲਾਂ,ਅਤਲਾ ਕਲਾਂ, ਅਲੀਸ਼ੇਰ,ਮੌਜੋ,ਮੱਤੀ, ਕਿਸ਼ਨਗੜ੍ਹ ਫਰਮਾਹੀ,ਫਫੜੇ, ਬੱਪੀਆਣਾ ਅਤੇ ਕੋਟ ਲੱਲੂ ਵਿਖੇ ਕਿਸਾਨਾਂ ਨਾਲ ਪਰਾਲੀ ਦੇ ਢੁਕਵੇਂ ਪ੍ਰਬੰਧਨ ਬਾਰੇ ਵਿਚਾਰ ਵਟਾਂਦਰਾ ਕੀਤਾ।
 ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨ ਮਿਲਣੀਆਂ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
  ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ ਡੇਢ ਮਹੀਨੇ ਤੋਂ ਉਹ ਖੁਦ ਅਤੇ ਸਮੁੱਚਾ ਪ੍ਰਸ਼ਾਸਨ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰ ਰਹੇ ਹਨ ਤਾਂ ਜੋ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸੁਪਰਸੀਡਰ ਤੇ ਬੇਲਰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਏ ਜਾਣ।
    ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਅਗਾਂਹਵਧੂ ਕਿਸਾਨ ਵੀ ਹਨ, ਜਿੰਨ੍ਹਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਅਤੇ ਉਨ੍ਹਾਂ ਵੱਲੋਂ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਦੂਜੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਗਾਂਹਵਧੂ ਕਿਸਾਨ ਜੋ ਵਾਤਾਵਰਣ ਨੂੰ ਸਾਫ਼ ਰੱਖਣ ਤੇ ਸਮਾਜ ਭਲਾਈ ਲਈ ਯੋਗਦਾਨ ਪਾ ਰਹੇ ਹਨ, ਜ਼ਿਲ੍ਹਾ ਪ੍ਰਸ਼ਾਸਨ ਵੀ ਇੰਨ੍ਹਾਂ ਦੇ ਨਾਲ ਖੜ੍ਹਾ ਹੈ।
    ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨਾਲ ਪੂਰਨ ਸਹਿਯੋਗ ਕਰ ਰਿਹਾ ਹੈ ਅਤੇ ਜੇਕਰ ਫਿਰ ਵੀ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਮਜਬੂਰਨ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਕਾਰਵਾਈ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਮਾਨਵਤਾ ਦੀ ਭਲਾਈ ਲਈ, ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ ਜਾਂ ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

NO COMMENTS