*ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ਼ਾਂਤਮਈ ਵੋਟਿੰਗ ਲਈ ਜ਼ਿਲ੍ਹਾ ਵਾਸੀਆਂ ਦਾ ਕੀਤਾ ਧੰਨਵਾਦ*

0
42

ਮਾਨਸਾ, 15 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਮਾਨਸਾ ਜ਼ਿਲ੍ਹੇ ਵਿੱਚ 15 ਅਕਤੂਬਰ ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੀ ਪੋਲਿੰਗ ਪ੍ਰਕਿਰਿਆ ਸ਼ਾਂਤਮਈ ਢੰਗ ਨਾਲ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਪੂਰਾ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦਾ ਸ਼ਾਂਤਮਈ ਢੰਗ ਨਾਲ ਵੋਟਿੰਗ ਕਰਨ ਲਈ ਧੰਨਵਾਦ ਕੀਤਾ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਸ਼੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਤਾਇਨਾਤ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਪੋਲਿੰਗ ਅਤੇ ਗਿਣਤੀ ਦੌਰਾਨ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾਵੇ, ਸ਼ਾਂਤੀਪੂਰਵਕ ਅਤੇ ਨਿਰਪੱਖਤਾ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ 04 ਹਜ਼ਾਰ ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਨਸਾ ਜ਼ਿਲ੍ਹੇ ਦੇ 05 ਬਲਾਕਾਂ ਵਿਖੇ 547 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਵੋਟਾਂ ਸਵੇਰੇ 08 ਵਜੇ ਤੋਂ ਸ਼ਾਮ 04 ਵਜੇ ਤੱਕ ਪੋਲ ਕਰਵਾਈਆਂ ਗਈਆਂ।
ਐਸ.ਐਸ.ਪੀ. ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਗਰਾਮ ਪੰਚਾਇਤ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਏ ਗਏ ਸਨ, ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਚੋਣਾਂ ਦੌਰਾਨ ਮਾਹੌਲ ਖ਼ਰਾਬ ਨਾ ਕਰ ਸਕੇ ਅਤੇ ਵੋਟਰ ਬਿਨ੍ਹਾਂ ਕਿਸੇ ਡਰ ਅਤੇ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

NO COMMENTS