ਮਾਨਸਾ, 16 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਅਤੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸ੍ਰੀ ਬਿਕਰਮ ਸਿੰਘ ਮੋਫ਼ਰ ਨੇ ਅੱਜ ਵੱਖ—ਵੱਖ ਸਰਪੰਚਾਂ ਨਾਲ ਮੀਟਿੰਗ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਗ੍ਰਾਮ ਪੰਚਾਇਤਾਂ ਦੀ ਨੁਮਾਇੰਦਗੀ ਕਰਦੇ ਸਰਪੰਚਾਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਪੰਚਾਇਤ ਪੱਧਰ ‘ਤੇ ਸਰਪੰਚਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਇਜ਼ਾ ਲਿਆ।ਇਸ ਮੀਟਿੰਗ ਵਿੱਚ ਮਟੀਰੀਅਲ ਦੇ ਰੇਟ ਰਿਵਾਇਜ਼ ਕਰਨ, ਰੁਕੇ ਹੋਏ ਕੰਮਾਂ ਨੂੰ ਚਾਲੂ ਕਰਨ, ਵੱਖ—ਵੱਖ ਵਿਭਾਗਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਅਤੇ ਵੱਖ—ਵੱਖ ਮੁਦਿੱਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਟੀ.ਐਸ.ਪੀ.ਐਲ. ਵੱਲੋਂ ਕਰਵਾਏ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਕਿਹਾ ਗਿਆ। ਇਸ ਸਬੰਧੀ ਚੇਅਰਮੈਨ ਜਿ਼ਲ੍ਹਾ ਪ੍ਰੀਸ਼ਦ ਸ੍ਰੀ ਮੋਫ਼ਰ ਨੇ ਕਿਹਾ ਕਿ ਪਹਿਲ ਦੇ ਆਧਾਰ ‘ਤੇ ਸਰਪੰਚਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਸਬੰਧੀ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਵਿਕਾਸ ਵਿੱਚ ਕੋਈ ਰੁਕਾਵਟ ਪੇਸ਼ ਨਾ ਆ ਸਕੇ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਭਰੋਸਾ ਦਿੱਤਾ ਕਿ ਸਰਪੰਚਾਂ ਵੱਲੋਂ ਦੱਸੀਆਂ ਗਈਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ ਅਤੇ ਪਿੰਡਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਸਰਪੰਚਾਂ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣੂ ਵੀ ਕਰਵਾਇਆ ਗਿਆ, ਜਿਸ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਗ੍ਰਾਮ ਪੰਚਾਇਤ ਬਾਜੇਵਾਲਾ ਅਤੇ ਰਾਏਪੁਰ 1 ਅਤੇ 2 ਵਿਖੇ ਚੱਲ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ ਅਤੇ ਹਾਜਰ ਸਰਪੰਚਾਂ ਨੂੰ ਉਤਸ਼ਾਹਿਤ ਕੀਤਾ।ਇਸ ਮੌਕੇ ਸਮੂਹ ਸਰਪੰਚਾਂ ਵੱਲੋਂ ਜਿਲ੍ਹਾ ਪ੍ਰੀਸ਼ਦ ਚੇਅਰਮੈਨ ਰਾਹੀਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਅਪੋਲੋਜੀਤ ਸਿੰਘ ਸਰਪੰਚ ਬਾਜੇਵਾਲਾ, ਗੁਰਵਿੰਦਰ ਸਿੰਘ ਸਰਪੰਚ, ਕੁਲਵਿੰਦਰ ਸਿੰਘ ਸਰਪੰਚ ਰਾਏਪੁਰ 1 ਅਤੇ 2, ਅਮਨਗੁਰਵੀਰ ਸਰਪੰਚ ਝੁਨੀਰ, ਸੁਖਵਿੰਦਰ ਸਿੰਘ ਭੰਮੇ ਖੁਰਦ, ਰਾਜੂ ਆਦਿ ਵੀ ਹਾਜ਼ਰ ਸਨ।ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ: ਮਹਿੰਦਰ ਪਾਲ