ਮਾਨਸਾ, 18 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ):ਜ਼ਿਲ੍ਹੇ ਦੇ ਸਰਕਾਰੀ ਵਿਭਾਗਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਨੂੰ ਸਮੇਂ ਸਿਰ ਯਕੀਨੀ ਬਣਾਉਣ, ਲੋਕਾਂ ਨੂੰ ਸਰਕਾਰੀ ਸੇਵਾਵਾਂ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਅਤੇ ਸਰਕਾਰੀ ਕਾਰਜ ਪ੍ਰਣਾਲੀ ਨੂੰ ਵਧੇਰੇ ਚੁਸਤ ਦਰੁਸਤ ਬਣਾਉਣ ਦੇ ਉਦੇਸ਼ ਨਾਲ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਸੀ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਅਤੇ ਐਸ.ਡੀ.ਐਮ ਸ਼ਿਖਾ ਭਗਤ ਵੱਲੋਂ ਅਚਨਚੇਤ ਜਾਂਚ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਪ੍ਰਾਪਤ ਹਦਾਇਤਾਂ ‘ਤੇ ਅੱਜ ਜਾਂਚ ਕਰਵਾਈ ਗਈ ਹੈ ਅਤੇ ਵੱਖ ਵੱਖ ਵਿਭਾਗਾਂ ਦੇ 58 ਕਰਮਚਾਰੀ ਜਾਂਚ ਦੌਰਾਨ ਗੈਰ ਹਾਜ਼ਰ ਪਾਏ ਗਏ ਹਨ ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗ ਜਾਰੀ ਰਹਿਣਗੀਆਂ ਅਤੇ ਵਾਰ ਵਾਰ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ਼ ਅਨੁਸਾਸ਼ਨੀ ਕਾਰਵਾਈ ਲਈ ਉਚ ਅਧਿਕਾਰੀਆਂ ਨੂੰ ਲਿਖ ਦਿੱਤਾ ਜਾਵੇਗਾ। ਅੱਜ ਕੀਤੀ ਗਈ ਜਾਂਚ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਮੱਛੀ ਪਾਲਣ, ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਰ੍ਹਾ ਬਾਲ ਵਿਕਾਸ ਦਫ਼ਤਰ, ਭੁਮੀ ਰੱਖਿਆ ਦਫ਼ਤਰ, ਡੀ.ਆਈ.ਓ, ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਤੇ ਪ੍ਰਾਇਮਰੀ ਦੇ ਕੁਝ ਕਰਮਚਾਰੀ ਗੈਰ ਹਾਜ਼ਰ ਪਾਏ ਗਏ।