*ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੋਨੀਟਿੰਗ ਕਮੇਟੀ ਦੀ ਮੀਟਿੰਗ ਕੀਤੀ*

0
18

ਮਾਨਸਾ, 10 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਾਲ 2024 ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸ ਦੀ ਸੁਚੱਜੀ ਸਾਂਭ ਸੰਭਾਲ ਯਕੀਨੀ ਬਣਾਉਣ ਅਤੇ ਪਰਾਲੀ ਦੇ ਨਿਪਟਾਰੇ ਲਈ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਭੂਮੀ ਦੀ ਉਪਜਾਊ ਸ਼ਕਤੀ ਲਈ ਲੋੜੀਂਦੇ ਪੋਸ਼ਟਿਕ ਤੱਤ ਅਤੇ ਮਿੱਤਰ ਜੀਵ ਜੰਤੂ ਨਸ਼ਟ ਹੁੰਦੇ ਹਨ ਅਤੇ ਧੂੰਏਂ ਨਾਲ ਪੈਦਾ ਹੋਣ ਵਾਲੀਆਂ ਗੈਸਾਂ ਦਿਲ, ਫੇਫੜੇ, ਅੱਖਾਂ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਨ ਬਣਦੀਆ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਮੁਸਤੈਦੀ ਨਾਲ ਕੰਮ ਕਰਨ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ। ਉਨ੍ਹਾਂ ਕਿਹਾ ਕਿ ਹਰੇਕ ਸਬ ਡਵੀਜਨ ਵਿੱਚ ਉਪਲਬਧ ਮਸ਼ੀਨਰੀ ਜਿਵੇਂ ਸੁਪਰ ਸੀਡਰ, ਬੇਲਰ, ਰੇਕ ਪਿੰਡ ਵਾਇਜ਼ ਮਸ਼ੀਨਾਂ ਦੀਆਂ ਸੂਚੀਆਂ ਜਨਤਕ ਥਾਵਾਂ ’ਤੇ ਚਸਪਾ ਕਰਵਾਈਆਂ ਜਾਣ ਅਤੇ ਸਰਪੰਚ/ਨੰਬਰਦਾਰਾਂ ਨਾਲ ਵੀ ਸਾਂਝੀਆਂ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਅਤੇ ਕਿਸਾਨ ਸਮੂਹਾਂ ਨੂੰ ਖੇਤੀ ਮਸ਼ੀਨਰੀ ਸਬਸਿਡੀ ’ਤੇ ਦਿੱਤੀ ਜਾਂਦੀ ਹੈ। ਵਿਅਕਤੀਗਤ ਕਿਸਾਨ 50 ਫ਼ੀਸਦੀ ਸਬਸਿਡੀ ਪ੍ਰਾਪਤ ਕਰਨ ਦਾ ਹੱਕਦਾਰ ਹੈ ਅਤੇ ਕਿਸਾਨ ਸਮੂਹ/ਸਹਿਕਾਰੀ ਸਭਾਵਾਂ ਨੂੰ 80 ਫ਼ੀਸਦੀ ਸਬਸਿਡੀ ਮਿਲਦੀ ਹੈ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿਚ ਕਿਸਾਨ ਸਿਖਲਾਈ ਕੈਂਪ ਲਗਾਉਣ ਲਈ ਵੀ ਰੂਪਰੇਖਾ ਤਿਆਰ ਕਰਨ ਲਈ ਵੀ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਐਸ.ਪੀ. ਜਸਕੀਰਤ ਸਿੰਘ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਮੌਜੂਦ ਸਨ।

NO COMMENTS