
ਮਾਨਸਾ, 30 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਲਈ ਚਲਾਈਆਂ 04 ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ਼ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾ ਰਹੀਆ ਹਨ। ਇਸ ਮੁਹਿੰਮ ਤਹਿਤ ਇਹ ਮੋਬਾਇਲ ਵੈਨਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਜਾਗਰੂਕਤਾ ਪੈਦਾ ਕਰਨਗੀਆਂ ।
ਉਨ੍ਹਾਂ ਵਿਸ਼ਵਾਸ ਦਵਾਇਆ ਕਿ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਵਿੱਚ ਕੋਈ ਵੀ ਮੁਸ਼ਕਿਲ ਆਉਦੀ ਹੈ ਤਾਂ ਉਸਦਾ ਸਮਾਧਾਨ ਪਹਿਲ ਦੇ ਆਧਾਰ ‘ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਜਾਵੇਗਾ।
ਮੁੱਖ ਖੇਤੀਬਾੜੀ ਅਫ਼ਸਰ ਸ੍ਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਵੈਨਾਂ ਲਗਾਤਰ 20 ਦਿਨਾਂ ਤੱਕ ਜ਼ਿਲ੍ਹੇ ਦੇ ਵੱਖ –ਵੱਖ ਪਿੰਡਾਂ ਵਿੱਚ ਜਾ ਕੇ ਪਰਾਲੀ ਦੀ ਸੁਚੱਜੀ ਸਾਭ-ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਕਿਸਾਨਾਂ ਨੂੰ ਪਰਾਲੀ ਦੀ ਸਾਭ-ਸੰਭਾਲ ਸੰਬੰਧੀ ਲਿਟਰੇਚਰ ਦੀ ਵੰਡ ਵੀ ਕੀਤੀ ਜਾਵੇਗੀ।
ਇਸ ਮੌਕੇ ਸ੍ਰੀ ਕੁਲਦੀਪ ਸਿੰਘ ,ਸਹਾਇਕ ਖੇਤੀਬਾੜੀ ਇੰਜੀਨੀਅਰ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ ।
