*ਡਿਪਟੀ ਕਮਿਸ਼ਨਰ ਨੇ ਪਿੰਡ ਟਾਹਲੀਆਂ ਅਤੇ ਬੀਰੋਕੇ ਖ਼ੁਰਦ ਵਿਖੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਕੀਤਾ ਜਾਗਰੂਕ*

0
3

ਮਾਨਸਾ, 09 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਟਾਹਲੀਆਂ ਅਤੇ ਬੀਰੋਕੇ ਖੁਰਦ ਵਿਖੇ ਆਯੋਜਿਤ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ।
ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਕੇ ਸਾਨੂੰ ਆਪਣੀ ਧਰਤੀ ਅਤੇ ਆਪਣੀਆਂ ਨਸਲਾਂ ਦਾ ਦੋਸ਼ੀ ਨਹੀਂ ਬਣਨਾ ਚਾਹੀਦਾ ਬਲਕਿ ਇਸ ਦੀ ਸਾਂਭ ਸੰਭਾਲ ਲਈ ਲੋੜੀਂਦੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਹਰ ਤਰ੍ਹਾਂ ਨਾਲ ਕਿਸਾਨਾਂ ਦਾ ਸਹਿਯੋਗ ਕਰਨ ਲਈ ਤਿਆਰ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸਾਰਿਆਂ ਦੇ ਸਾਂਝੇ ਉਦਮ ਸਦਕਾ ਪਰਾਲੀ ਸਾੜਨ ਦੀ ਪਿਰਤ ਨੂੰ ਖ਼ਤਮ ਕੀਤਾ ਜਾ ਸਕੇ।
ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ, ਸ੍ਰ. ਹਰਵਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਹੀ ਵਰਤਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਸੁਪਰ ਸੀਡਰ, ਸਰਫੇਸ ਸੀਡਰ, ਹੈਪੀ ਸੀਡਰ, ਸੁਪਰ ਐਸ.ਐਮ.ਐਸ, ਜੀਰੋ ਟਰਿੱਲ ਆਦਿ ਮਸ਼ੀਨਾ ਮਹੁੱਇਆ ਕਰਵਾਈਆਂ ਗਈਆਂ ਹਨ। ਉਨ੍ਹਾਂ ਖੇਤੀ ਮਸ਼ੀਨਾਂ ਨਾਲ ਪਰਾਲੀ ਦਾ ਪ੍ਰਬੰਧਨ ਕਰਨ ’ਤੇ ਜ਼ੋਰ ਦਿੱਤਾ।
ਉਨ੍ਹਾਂ ਕਿਸਾਨਾਂ ਨੂੰ ਐਕਸ ਸੀਟੂ ਅਤੇ ਇੰਨ ਸੀਟੂ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਸਬੰਧੀ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਿਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ ਲੱਗੀ ਕੰਬਾਇਨ ਨਾਲ ਕਰਨ ਲਈ ਕਿਹਾ ਤਾਂ ਜੋ ਝੋਨੇ ਦੀ ਪਰਾਲੀ ਦਾ ਪ੍ਰਬੰਧ ਅਸਾਨੀ ਨਾਲ ਹੋਵੇ। ਗੁਰਵੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਖੇਤੀ ਸਬੰਧੀ ਵੱਖ ਵੱਖ ਵਿਸ਼ਿਆਂ ’ਤੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਇਸ ਮੌਕੇ ਅਵਤਾਰ ਸਿੰਘ ਖੇਤੀ ਉਪ ਨਿਰੀਖਕ ਅਤੇ ਕਿਸਾਨ ਹਾਜ਼ਰ ਸਨ।  

NO COMMENTS