ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ ਪੀਜੀਆਰਐਸ ਵੈੱਬ ਪੋਰਟਲ ਸਬੰਧੀ ਸਮੀਖਿਆ ਮੀਟਿੰਗ

0
11

ਮਾਨਸਾ,2 ਨਵੰਬਰ (ਸਾਰਾ ਯਹਾ /ਹੀਰਾ ਸਿੰਘ ਮਿੱਤਲ) ਸੂਬੇ ਦੇ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿੱਚ ਇੱਕ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ  (ਪੀਜੀਆਰਐਸ) ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਇਸ ਪੋਰਟਲ ਸਬੰਧੀ ਸਮੀਖਿਆ ਮੀਟਿੰਗ ਕਰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਅਤੇ ਪੀਜੀ) ਵੱਲੋਂ ਵਿਕਸਤ ਕੀਤਾ ਗਿਆ ਇਹ ਪੋਰਟਲ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜੇਸ਼ਨ ਲਈ ਅਹਿਮ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਪੋਰਟਲ ਦਾ ਉਦੇਸ਼ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਹੈ। ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ   connect.punjab.gov.in.   ‘ਤੇ  ਜਮਾਂ ਕਰਵਾ ਸਕਦੇ ਹਨ। ਸਾਰੇ ਵਿਭਾਗਾਂ ਨੂੰ ਇਸ ਨਾਲ ਜੋੜ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਚੰਡੀਗੜ ਅਤੇ ਜ਼ਿਲਾ ਪੱਧਰ ਦੇ ਮੁੱਖ ਦਫ਼ਤਰਾਂ ਵਿਖੇ ਸਿਖਲਾਈ ਦਿੱਤੀ ਗਈ ਹੈ। ਉਹ ਨਾਗਰਿਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਅਤੇ ਜਲਦੀ ਹੱਲ ਕਰਨ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਪੀਜੀਆਰਐਸ ਕੇਂਦਰੀ ਪੋਰਟਲ ਵਜੋਂ ਕੰਮ ਕਰੇਗੀ ਜਿੱਥੇ ਸਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਪੋਰਟਲ ‘ਤੇ ਖੁਦ ਜਾਂ ਈਮੇਲ, ਡਾਕ ਰਾਹੀਂ ਜਾਂ ਸੇਵਾ ਕੇਂਦਰਾਂ‘ ਤੇ ਵਿਅਕਤੀਗਤ ਤੌਰ ‘ਤੇ ਦਰਜ ਕੀਤੀਆਂ ਜਾ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਪੋਰਟਲ ਦੇ ਜ਼ਰੀਏ, ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਆਨਲਾਈਨ ਜਾਣਕਾਰੀ ਲੈ ਸਕਣਗੇ ਅਤੇ ਉਨਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ‘ਤੇ ਐਸ.ਐਮ.ਐਸ. ਦੁਆਰਾ  ਸੂਚਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਿਕਾਇਤ ਦਾ ਹੱਲ ਹੋਣ ‘ਤੇ ਉਨਾਂ ਨੂੰ ਫੋਨ ਕਾਲ ਆਵੇਗੀ ਅਤੇ ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪਹੁੰਚਾਈ ਜਾਵੇਗੀ। ਨਾਗਰਿਕ ਆਪਣੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ, ਡੀ.ਸੀ. ਦਫਤਰਾਂ ਵਿਖੇ ਦੇ ਸਕਣਗੇ ਅਤੇ ਜਲਦ ਹੀ ਇੱਕ ਕਾਲ ਸੈਂਟਰ ਵੀ ਸਥਾਪਤ ਕੀਤਾ ਜਾਵੇਗਾ।ਨਾਗਰਿਕਾਂ ਲਈ ਪ੍ਰਣਾਲੀ ਦੀ ਵਰਤੋਂ ਕਰਨ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਭਵਿੱਖ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀ ਵਰਤੋਂ ਕਰੇਗੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸ੍ਰੀਮਤੀ ਸਰਬਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

NO COMMENTS