*ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਕੋਰੋਨਾ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ਹਿਰੀ ਤੇ ਦਿਹਾਤੀ ਪੱਧਰ ‘ਤੇ ਟੈਸਟਿੰਗ ਤੇ ਟੀਕਾਕਰਨ ਵਧਾਉਣ ਦੇ ਆਦੇਸ਼*

0
22

ਮਾਨਸਾ, 5 ਅਪ੍ਰੈਲ (ਸਾਰਾ ਯਹਾਂ/ਜੋਨੀ ਜਿੰਦਲ) ਜ਼ਿਲ੍ਹਾ ਮਾਨਸਾ ਵਿਖੇ ਸ਼ਹਿਰੀ ਤੇ ਦਿਹਾਤੀ ਪੱਧਰ ‘ਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀ ਜਾ ਰਹੀ ਕੋਰੋਨਾ ਸੈਂਪਲਿੰਗ ਅਤੇ ਟੀਕਾਕਰਨ ਸਬੰਧੀ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਨਿਰੀਖਣ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜੇ ਸਿਹਤ ਸਾਵਧਾਨੀਆਂ ਦੀ ਪਾਲਣਾ ਲਈ ਲੋਕ ਸੁਚੇਤ ਨਾ ਹੋਏ ਤਾਂ ਆਉਣ ਵਾਲੇ ਦਿਨਾਂ ਵਿੱਚ ਸਾਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੋਜ਼ਾਨਾ ਦੇ ਆਧਾਰ ‘ਤੇ ਕੋਵਿਡ ਦੇ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ ਜਿਸ ਦੇ ਕਾਰਨ ਸਿਹਤ ਸਲਾਹਾਂ ਦੀ ਪਾਲਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੈਕਸੀਨੇਸ਼ਨ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਮੁਤਾਬਕ 45 ਸਾਲ ਤੋਂ ਵੱਧ ਉਮਰ ਦੇ ਹਰੇਕ ਨਾਗਰਿਕ ਨੂੰ ਇਸ ਦੇ ਦਾਇਰੇ ਅਧੀਨ ਛੇਤੀ ਤੋਂ ਛੇਤੀ ਕਵਰ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਸੇਵੀ ਸੰਗਠਨਾਂ, ਵਪਾਰਕ ਸੰਸਥਾਨਾਂ, ਪ੍ਰਾਈਵੇਟ ਅਦਾਰਿਆਂ, ਬੈਂਕਾਂ ਆਦਿ ਸਭ ਨੂੰ ਆਪੋ ਆਪਣੇ ਪੱਧਰ ‘ਤੇ ਇਸ ਮਹਾਂਮਾਰੀ ਖਿਲਾਫ਼ ਜਾਗਰੂਕਤਾ ਪੈਦਾ ਕਰਨੀ ਚਾਹੀਦੀ ਹੈ ਅਤੇ ਸਮਾਜਿਕ ਦੂਰੀ, ਵਾਰ ਵਾਰ ਹੱਥ ਧੋਂਦੇ ਰਹਿਣ ਦੀ ਪ੍ਰਕਿਰਿਆ ਦੇ ਨਾਲ ਨਾਲ ਟੈਸਟਿੰਗ ਤੇ ਵੈਕਸੀਨੇਸ਼ਨ ਨੂੰ ਲੋਕ ਲਹਿਰ ਵਜੋਂ ਵਿਕਸਤ ਕਰਨ ਵਿੱਚ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਘਰੇਲੂ ਇਕਾਂਤਵਾਸ ਵਿਖੇ ਚੱਲ ਰਹੇ ਨਾਗਰਿਕਾਂ ਦੀ ਨਿਗਰਾਨੀ ਕਰਦੇ ਰਹਿਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਜਿਹਾ ਵਿਅਕਤੀ ਬਜ਼ਾਰ ਵਿੱਚ ਘੁੰਮਦਾ ਪਾਇਆ ਜਾਂਦਾ ਹੈ, ਜੋ ਕਿ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਘਰੇਲੂ ਇਕਾਂਤਵਾਸ ਵਿੱਚ ਹੈ, ਤਾਂ ਉਸ ਖਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇ ਕਿਉਂਕਿ ਇਹ ਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਤੇਜ਼ੀ ਨਾਲ ਫੈਲਦਾ ਹੈ ਇਸ ਲਈ ਹੀ ਘਰੇਲੂ ਇਕਾਂਤਵਾਸ ਦੇ ਨਿਯਮਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਅਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ ਚਲਾਨ ਕੱਟਣ ਦੇ ਆਦੇਸ਼ ਵੀ ਦਿੱਤੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ, ਐਸ.ਡੀ.ਐਮ ਸਰਦੂਲਗੜ੍ਹ ਸਰਬਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡੀ.ਐਸ.ਪੀ ਸਰਬਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ, ਕਾਰਜਸਾਧਕ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਸਮੇਤ ਹੋਰ ਅਧਿਕਾਰੀ ਵੀ ਮੌਜੁਦ ਸਨ।

NO COMMENTS