*ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਸ਼ੈਲਰ ਮਾਲਕ, ਆੜ੍ਹਤੀਏ, ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨਾਲ ਮੀਟਿੰਗ*

0
224

ਮਾਨਸਾ, 30 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)

ਸ਼ੈਲਰ ਮਾਲਕਾਂ ਨੂੰ ਸਟੋਰੇਜ਼ ਲਈ ਜਗ੍ਹਾ ਅਤੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਆ ਰਹੀਆਂ ਹੋਰ ਸਮੱਸਿਆਵਾਂ ਦਾ ਜਲਦ ਹੀ ਯੋਜਨਾਬੱਧ ਹੱਲ ਕੀਤਾ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸ਼ੈਲਰ ਮਾਲਕ, ਆੜ੍ਹਤੀਏ, ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨਾਲ ਮੀਟਿੰਗ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਸਰਕਾਰ ਨੂੰ ਲਿਖ ਕੇ ਭੇਜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਸੀਜ਼ਨ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਪੇਸ਼ ਨਹੀ ਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸਾਰੇ ਆਪਸ ਵਿਚ ਇਕ ਦੂਜੇ ’ਤੇ ਨਿਰਭਰ ਹਾਂ। ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਚੱਲਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਵਰਗ ਨੂੰ ਆ ਰਹੀ ਸਮੱਸਿਆ ਦਾ ਢੁੱਕਵਾਂ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਅਤੇ ਕੰਬਾਇਨ ਮਾਲਕਾਂ ਨੂੰ ਕਿਹਾ ਕਿ ਉਹ ਗਿੱਲੇ ਝੋਨੇ ਦੀ ਕਟਾਈ ਨਾ ਕਰਨ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਆਪਣੀ ਫਸਲ ਵੇਚਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।

ਸ੍ਰ. ਕੁਲਵੰਤ ਸਿੰਘ ਨੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਇਸ ਦੌਰਾਨ ਹਾਜ਼ਰ ਸਮੂਹ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਤੋਂ ਸੁਝਾਅ ਵੀ ਮੰਗੇ ਅਤੇ ਉਨ੍ਹਾਂ ਦੀ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ।

ਇਸ ਮੌਕੇ ਐਸ.ਐਸ.ਪੀ. ਸ੍ਰੀ. ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਜ਼ਿਲ੍ਹਾ ਫੂਡ ਤੇ ਸਿਵਲ ਸਪਲਾਈ ਕੰਟਰੋਲਰ ਸ੍ਰ. ਮਨਦੀਪ ਸਿੰਘ ਮਾਨ, ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here