ਭਵਿੱਖ ਵਿੱਚ ਜ਼ਿਲ੍ਹਾ ਮਾਨਸਾ ਵਿੱਚ ਆਕਸੀਜਨ ਪੱਖੋਂ ਕੋਈ ਕਮੀ ਨਹੀਂ ਆਵੇਗੀ: ਮਹਿੰਦਰ ਪਾਲ
ਬੁਢਲਾਡਾ/ਮਾਨਸਾ, 16 ਅਗਸਤ: (ਸਾਰਾ ਯਹਾਂ/ਅਮਨ ਮਹਿਤਾ) : ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਲਈ ਮਾਨਸਾ ਸ਼ਹਿਰ ਅਤੇ ਬੁਢਲਾਡਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਥਾਪਤ ਕੀਤੇ ਜਾ ਰਹੇ ਆਕਸੀਜਨ ਪਲਾਂਟ ਨੇੜ ਭਵਿੱਖ ਵਿੱਚ ਲੋੜਵੰਦਾਂ ਲਈ ਵਰਦਾਨ ਸਾਬਿਤ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਸਬ ਡਵੀਜ਼ਨ ਹਸਪਤਾਲ ਬੁਢਲਾਡਾ
ਵਿਖੇ ਲੱਗ ਰਹੇ ਪੀ.ਐਸ.ਏ (ਆਕਸੀਜਨ ਪਲਾਂਟ) ਦਾ ਅਚਨਚੇਤ ਨਿਰੀਖਣ ਕਰਦਿਆਂ ਕੀਤਾ। ਉਨ੍ਹਾਂ ਇਸ ਦੌਰਾਨ 20 ਬੈੱਡਾਂ ਦੇ ਆਈਸੋਲੇਸ਼ਨ ਵਾਰਡ ਦਾ ਦੌਰਾ ਕੀਤਾ ਅਤੇ ਬੈੱਡਾਂ ਦੀ ਸਾਈਡ ‘ਤੇ ਲੱਗੇ ਆਕਸੀਜਨ ਪੁਆਇੰਟ ਅਤੇ ਆਕਸੀਜਨ ਪਾਈਪ ਲਾਈਨ ਦਾ ਨਿਰੀਖਣ ਵੀ ਕੀਤਾ ।
ਸ੍ਰੀ ਮਹਿੰਦਰ ਪਾਲ ਨੇ ਕਿਹਾ ਕਿ ਮਰੀਜ਼ਾਂ ਦੀ ਸੁਵਿਧਾ ਲਈ ਇਸ ਪਲਾਂਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਕੋਵਿਡ ਦੀ ਦੂਜੀ ਲਹਿਰ ਦੌਰਾਨ ਵੀ ਜ਼ਿਲ੍ਹਾ ਮਾਨਸਾ ਵਿੱਚ ਲਗਾਤਾਰ ਮਰੀਜ਼ਾਂ ਦੀ ਜ਼ਰੂਰਤ ਮੁਤਾਬਿਕ ਆਕਸੀਜਨ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਸੀ ਪਰ ਤੀਜੀ ਲਹਿਰ ਦੀ ਸੰਭਾਵਨਾ ਦੇ ਚਲਦਿਆਂ ਢੁਕਵੇਂ ਕਦਮ ਚੁੱਕੇ ਜਾਣੇ ਜ਼ਰੂਰੀ ਹਨ। ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਕੋਵਿਡ ਮਹਾਂਮਾਰੀ ਦੀ ਰੋਕਥਾਮ ਲਈ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ ਅਤੇ ਮੌਜੂਦਾ ਸਮੇਂ ਵਿੱਚ ਹੋਰ ਵੀ ਚੌਕਸੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਤੋਂ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਪਕਾਰ ਸਿੰਘ, ਉਪ ਮੰਡਲ ਮੈਜਿਸਟਰੇਟ ਸ੍ਰੀ ਕਾਲਾ ਰਾਮ ਕਾਂਸਲ, ਸਿਵਲ ਸਰਜਨ ਡਾ. ਹਿਤਿੰਦਰ ਕੌਰ ਵੀ ਹਾਜ਼ਰ ਸਨ