ਮਾਨਸਾ 07 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਸਥਾਨਕ ਡੀ ਏ ਵੀ ਪਬਲਿਕ ਸਕੂਲ ਮਾਨਸਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 553ਵੀਂ ਜਯੰਤੀ ਬਹੁਤ ਧੂਮਧਾਮ ਨਾਲ ਮਨਾਈ ਗਈ। ਸ਼੍ਰੀ ਗੁਰੂ ਨਾਨਕ ਜਯੰਤੀ ਨੂੰ ਸਿੱਖ ਧਰਮ ਵਿੱਚ ਸਭ ਤੋਂ ਮਹੱਤਵਪੂਰਨ ਤਿਉਹਾਰ ਮੰਨਿਆ ਜਾਂਦਾ ਹੈ। ਇਹ ਦੇਸ਼-ਵਿਦੇਸ਼ ਵਿੱਚ ਬਹੁਤ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਡੀਏਵੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਸ਼ਬਦ ਗਾਇਨ ਕੀਤਾ ਗਿਆ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਪ੍ਰਕਾਸ਼ ਪਾਇਆ ਗਿਆ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਗਤਕਾ ਵੀ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਜੀ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਅਭਿਭਾਵਕਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਸ ਤਿਉਹਾਰ ਨੂੰ ਸਾਰੇ ਧਰਮਾਂ ਦੇ ਲੋਕ ਮਿਲਕੇ ਮਨਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਬਾਰੇ ਦੱਸਕੇ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਮਿਹਨਤ ਕਰਕੇ ਅੱਗੇ ਵੱਧਣਾ ਚਾਹੀਦਾ ਹੈ ਅਤੇ ਲੋੜਵੰਦ ਵਿਅਕਤੀਆਂ ਦੀ ਮਦਦ ਕਰਨੀ ਚਾਹੀਦੀ ਹੈ।