*ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਕੁੱਲਰੀਆਂ ਦੇ ਆਬਾਦਕਾਰ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਮੋਰਚਾ ਤੀਸਰੇ ਦਿਨ ਵਿੱਚ ਦਾਖ਼ਲ*

0
23

ਬੁਢਲਾਡਾ 8 ਜਨਵਰੀ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਬੁਢਲਾਡਾ ਦੇ ਡੀਐਸਪੀ ਦਫਤਰ ਅੱਗੇ ਲਾਇਆ ਗਿਆ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਦੇ ਇਕੱਠ ਵਿੱਚ ਮਾਨਸਾ ਤੋਂ ਇਲਾਵਾ ਲੁਧਿਆਣਾ ਜ਼ਿਲੇ ਦੇ ਕਿਸਾਨ ਮਰਦ ਅਤੇ ਔਰਤਾਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ। ਸਵੇਰ ਤੋਂ ਹੀ ਇਸ ਮੋਰਚੇ ਵਿੱਚ ਕਿਸਾਨਾਂ ਅਤੇ ਬੀਬੀਆਂ ਦੀ ਗਹਿਮਾ ਗਹਿਮ ਹੋਣੀ ਸ਼ੁਰੂ ਹੋ ਗਈ ਸੀ। ਅੱਜ ਲੁਧਿਆਣਾ ਜ਼ਿਲੇ ਦੇ ਕਿਸਾਨ 11 ਵਜੇ ਧਰਨੇ ਵਿੱਚ ਪਹੁੰਚ ਗਏ ਸਨ ਅਤੇ 12 ਵਜੇ ਸਟੇਜ ਦੀ ਕਾਰਵਾਈ ਸ਼ੁਰੂ ਹੋਈ। 

            ਕਿਸਾਨਾਂ ਅਤੇ ਬੀਬੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮਾਨਸਾ ਦਾ ਸਿਵਲ ਅਤੇ ਪੁਲਸ ਪ੍ਰਸ਼ਾਸਨ ਲੋਕ ਸੰਘਰਸ਼ਾਂ ਦਾ ਇਤਿਹਾਸ ਕੰਧ ਤੇ ਲਿਖਿਆ ਪੜ੍ਹ ਲਵੇ। ਗੁੰਡਾ-ਪੁਲਿਸ- ਸਿਆਸੀ ਗੱਠਜੋੜ ਨੇ ਸਾਡੇ ਸਿਦਕ ਦੀ ਪਰਖ਼ ਪਹਿਲੀ ਵਾਰ ਨਹੀਂ ਕੀਤੀ, ਅਨੇਕਾਂ ਵਾਰ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਦਬਾਉਣ ਦਾ ਭਰਮ ਪਾਲਿਆ ਹੈ। ਹਕੂਮਤੀ ਜ਼ਬਰ ਲੋਕ ਸੰਘਰਸ਼ ਦੀ ਖ਼ੁਰਾਕ ਬਣ ਜਾਇਆ ਕਰਦਾ ਰਿਹਾ ਹੈ ਅਤੇ ਰਹੇਗਾ। ਜਥੇਬੰਦੀ ਆਬਾਦਕਾਰ ਕਿਸਾਨਾਂ ਦੇ ਹੱਕ ਅਤੇ ਇਨਸਾਫ਼ ਦੀ ਲੜਾਈ ਲੜ ਰਹੀ ਹੈ ਅਤੇ ਇਸ ਸੰਘਰਸ਼ ਨੂੰ ਜਿੱਤ ਤੱਕ ਜਾਰੀ ਰੱਖਿਆ ਜਾਵੇਗਾ। ਲੁਧਿਆਣਾ ਜ਼ਿਲ੍ਹੇ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਜਥੇਬੰਦੀ ਦੇ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਹ ਅਤੇ ਉਹਨਾਂ ਦੇ ਸਾਥੀ ਅੱਜ ਰਾਤ ਨੂੰ ਵੀ ਮੋਰਚੇ ਵਿੱਚ ਡਟੇ ਰਹਿਣਗੇ ਅਤੇ ਕੱਲ ਸ਼ਾਮ ਨੂੰ ਹੀ ਵਾਪਸ ਜਾਣਗੇ। ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਮੱਖਣ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕੱਲ੍ਹ ਨੂੰ ਮੋਰਚੇ ਵਿੱਚ ਫਰੀਦਕੋਟ ਅਤੇ ਮਲੇਰਕੋਟਲਾ ਦੇ ਕਿਸਾਨ ਅਤੇ ਬੀਬੀਆਂ ਸ਼ਾਮਿਲ ਹੋਣਗੇ। ਉਹਨਾਂ ਨੇ ਕਿਹਾ ਕਿ ਭਾਵੇਂ ਕਹਿਰ ਦੀ ਠੰਢ ਅਤੇ ਧੁੰਦ ਹੋਵੇ, ਭਾਵੇਂ ਪੰਜਾਬ ਸਰਕਾਰ ਅਤੇ ਮਾਨਸਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਢੀਠਤਾਈ, ਜਥੇਬੰਦੀ ਇਸ ਸੰਘਰਸ਼ ਵਿੱਚ ਗੱਜਵੱਜ ਕੇ ਜਿੱਤ ਹਾਸਲ ਕਰੇਗੀ। ਲੁਧਿਆਣਾ ਜ਼ਿਲ੍ਹੇ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ ਜਥੇਬੰਦੀ ਦੇ ਜ਼ਿਲਾ ਲੁਧਿਆਣਾ ਦੇ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਅੰਤਿਮ ਜਿੱਤ ਤੱਕ ਮੋਰਚਾ ਜਾਰੀ ਰਹੇਗਾ ਅਤੇ ਲੋੜ ਪੈਣ ਉੱਤੇ ਇਸਤੋਂ ਤਿੱਖੇ ਐਕਸ਼ਨ ਉਲੀਕੇ ਜਾਣਗੇ । ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਮੱਖਣ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਕਾਂਬੇ ਦੀ ਠੰਢ ਅਤੇ ਧੁੰਦ ਦੇ ਬਾਵਜੂਦ ਵੀ ਮੋਰਚਾ ਪੂਰੀ ਤਰਾਂ ਭਖਿਆ ਹੋਇਆ ਹੈ ਅਤੇ ਇਸੇ ਤਰਾਂ ਨਿਰੰਤਰ ਜਾਰੀ ਰਹੇਗਾ । 

              ਅੱਜ ਦੇ ਇਕੱਠ ਵਿੱਚ ਇੱਕ ਸ਼ੋਕ ਮਤੇ ਰਾਹੀ ਲੋਕ ਗਾਇਕ ਅਜਮੇਰ ਅਕਲੀਆ ਦੇ ਪਿਤਾ ਅਤੇ ਲੋਕ ਲਹਿਰ ਦੇ ਹਮਦਰਦ ਪਿਆਰਾ ਸਿੰਘ ਅਕਲੀਆ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਗਿਆ । ਮੋਰਚੇ ਨੂੰ ਭਰਾਤਰੀ ਜਥੇਬੰਦੀਆਂ ਵਿੱਚੋਂ ਉਗਰਾਹਾਂ ਦੇ ਆਗੂ ਅਤੇ ਵਰਕਰਾਂ ਵੱਲੋਂ ਜਗਸੀਰ ਸਿੰਘ ਦੋਦੜਾ ਦੀ ਅਗਵਾਈ ਵਿੱਚ ਸ਼ਮੂਲੀਅਤ ਕੀਤੀ ਅਤੇ ਭਰਵੀਂ ਹਮਾਇਤ ਜਾਰੀ ਰੱਖਣ ਦਾ ਐਲਾਨ ਕੀਤਾ । ਹੋਰਨਾਂ ਤੋਂ ਇਲਾਵਾ ਜ਼ਿਲ੍ਹੇ ਦੇ ਪ੍ਰਧਾਨ ਲਖਵੀਰ ਸਿੰਘ ਅਕਲੀਆ, ਖ਼ਜ਼ਾਨਚੀ ਦੇਵੀ ਰਾਮ ਰੰਘੜਿਆਲ, ਮੱਖਣ ਸਿੰਘ ਸੰਗਰੂਰ, ਬਲਕਾਰ ਸਿੰਘ ਚਹਿਲਾਂਵਾਲੀ, ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਵਰ੍ਹੇ, ਜਗਦੇਵ ਸਿੰਘ ਕੋਟਲੀ, ਬਲਜੀਤ ਸਿੰਘ ਭੈਣੀ, ਮਹਿੰਦਰ ਸਿੰਘ ਰਾਠੀ, ਰਾਵਲ ਸਿੰਘ ਕੋਟੜਾ, ਬਾਵਾ ਸਿੰਘ ਖੀਵਾ ਕਲਾਂ ਨੇ ਵੀ ਸੰਬੋਧਨ ਕੀਤਾ।

NO COMMENTS