ਡੀ.ਸੀ ਅਤੇ ਐਸ.ਐਸ.ਪੀ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਕਰਨ ਦੀ ਮੁਹਿੰਮ ਦਾ ਆਗਾਜ਼

0
27

ਮਾਨਸਾ, 8 ਜੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਅਤੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ‘ਵਿਸ਼ਵ ਵਾਤਾਵਰਣ ਦਿਵਸ’ ਦੇ ਸਬੰਧ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ 5000 ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਗਈ ਹੈ ਜਿਸ ਦੇ ਤਹਿਤ ਵੱਖ-ਵੱਖ ਕਿਸਮਾਂ ਦੇ ਛਾਂਦਾਰ, ਫੁੱਲਦਾਰ ਅਤੇ ਫ਼ਲਦਾਰ ਬੂਟੇ ਲਗਾਏ ਜਾ ਰਹੇ ਹਨ। 
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਮਨੁੱਖੀ ਸਿਹਤ ਨੂੰ ਤੰਦਰੁਸਤ ਅਤੇ ਸੁਰੱਖਿਅਤ ਰੱਖਣ ਲਈ ਰੁੱਖਾਂ ਨਾਲ ਅੰਦਰੂਨੀ ਸਾਂਝ ਪਾਉਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰਦੂਸ਼ਣ ਰਹਿਤ ਵਾਤਾਵਰਣ ਦੀ ਸਿਰਜਣਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰਬਾਣੀ ਵਿੱਚ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਹਵਾ, ਪਾਣੀ ਅਤੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਈਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਲਮੀ ਤਪਸ਼ ਕਾਰਨ ਵਾਤਾਵਰਣ ਵਿੱਚ ਦਿਨੋ ਦਿਨ ਆ ਰਹੀ ਗਿਰਾਵਟ ਮਨੁੱਖੀ ਜੀਵਨ ਲਈ ਬੇਹੱਦ ਘਾਤਕ ਸਾਬਤ ਹੋ ਰਹੀ ਹੈ ਅਤੇ ਜੇ ਅਸੀਂ ਹੁਣ ਵੀ ਨਾ ਸੰਭਲੇ ਤਾਂ ਸਾਨੂੰ ਸਾਰਿਆਂ ਨੂੰ ਇਸ ਦਾ ਖਮਿਆਜਾ ਭੁਗਤਣਾ ਪਵੇਗਾ।


ਇਸ ਮੌਕੇ ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪਿਛਲੇ ਦਸ ਮਹੀਨਿਆਂ ਦੌਰਾਨ ਜ਼ਿਲ੍ਹਾ ਪੁਲਿਸ ਦੀ ਤਰਫੋਂ ਬਾਗਬਾਨੀ ਵਿਭਾਗ ਦੀ ਮਦਦ ਨਾਲ 4500 ਦੇ ਕਰੀਬ ਪੌਦੇ ਲਗਾ ਕੇ ਸੁਚੱਜੀ ਸਾਂਭ ਸੰਭਾਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਰ ਸਥਾਨਾਂ ’ਤੇ ਛੋਟੀਆਂ ਮੀਆਂਵਾਕੀ ਬਗੀਚੀਆਂ ਦੇ ਨਾਲ ਨਾਲ 4 ਮਿਕਸ ਬਾਗ ਵੀ ਲਗਵਾਏ ਗਏ ਹਨ ਅਤੇ ਭਵਿੱਖ ਵਿੱਚ 7 ਹੋਰ ਮੀਆਂਵਾਕੀ ਜੰਗਲ ਤਿਆਰ ਕਰਵਾਉਣ ਦਾ ਟੀਚਾ ਵੀ ਮਿਥਿਆ ਗਿਆ ਹੈ। ਸ਼੍ਰੀ ਲਾਂਬਾ ਨੇ ਕਿਹਾ ਕਿ ਇਹ ਰੁੱਖ ਵਿਕਸਤ ਹੋਣ ਨਾਲ ਜਿਥੇ ਧਰਤੀ ਦੀ ਉਪਰਲੀ ਸਤ੍ਹਾ ਨੂੰ ਖੁਰਨ ਤੋਂ ਬਚਾਉਣਗੇ ਉਥੇ ਹੀ ਜੀਵ ਜੰਤੂਆਂ ਦੇ ਵਧਣ ਫੁੱਲਣ ਦਾ ਜ਼ਰੀਆ ਬਣਨਗੇ ਅਤੇ ਸਭ ਤੋਂ ਅਹਿਮ ਆਕਸੀਜਨ ਉਤਪਤੀ ਵਿੱਚ ਸਹਾਈ ਸਾਬਤ ਹੋਣਗੇ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਸਮੂਹ ਨਾਗਰਿਕਾਂ ਨੂੰ ਸੱਦਾ ਦਿੱਤਾ ਕਿ ਜ਼ਿਲ੍ਹੇ ਵਿੱਚ ਹਰਿਆਵਲ ਦੀ ਦਰ ਵਿੱਚ ਵਾਧਾ ਕਰਨ ਲਈ ਇਸ ਸੀਜ਼ਨ ਦੌਰਾਨ ਢੁਕਵੀਂਆਂ ਥਾਵਾਂ ’ਤੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਬੂਟਿਆਂ ਦੀ ਵਧੀਆ ਢੰਗ ਨਾਲ ਦੇਖਭਾਲ ਕੀਤੀ ਜਾਵੇ। 

NO COMMENTS