*ਡੀ.ਸੀ ਵੱਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵਧੇਰੇ ਚੌਕਸੀ ਰੱਖਣ ਦੇ ਆਦੇਸ਼*

0
18

ਮਾਨਸਾ, 4 ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਅਤੇ ਹੋਰ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨ ਵੀਰਾਂ ਵਿੱਚ ਫ਼ਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਬਾਰੇ ਵਿਆਪਕ ਪੱਧਰ ’ਤੇ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਉਨ੍ਹਾਂ ਪਿੰਡਾਂ ਵਿੱਚ ਵਧੇਰੇ ਚੌਕਸੀ ਰੱਖੀ ਜਾਵੇ ਜਿਥੇ ਪਿਛਲੇ ਸਾਲਾਂ ਵਿੱਚ ਫ਼ਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ। ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਕੈਂਪਾਂ ਤੇ ਪ੍ਰਦਰਸ਼ਨੀਆਂ ਰਾਹੀਂ ਕਿਸਾਨਾਂ ਨੂੰ ਰਹਿੰਦ ਖੂੰਹਦ ਸਾੜਨ ਨਾਲ ਵਾਤਾਵਰਣ, ਧਰਤੀ ਦੀ ਉਪਜਾਊ ਸ਼ਕਤੀ ਅਤੇ ਇਨਸਾਨਾਂ ਦੀ ਸਿਹਤ ’ਤੇ ਪੈਣ ਵਾਲੇ ਮਾਰੂ ਨੁਕਸਾਨਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰਹਿੰਦ ਖੂੰਹਦ ਨੂੰ ਸਾੜਨ ਦਾ ਰੁਝਾਨ ਬੇਹੱਦ ਖਤਰਨਾਕ ਹੈ ਜਿਸ ਨੂੰ ਜਾਗਰੂਕਤਾ ਅਤੇ ਕਿਸਾਨ ਵੀਰਾਂ ਦੇ ਸਹਿਯੋਗ ਨਾਲ ਰੋਕਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਆਪਰੇਟਿਵ ਸੁਸਾਇਟੀਆਂ, ਖੇਤੀਬਾੜੀ ਵਿਭਾਗ, ਗ੍ਰਾਮ ਪੰਚਾਇਤਾਂ ਰਾਹੀਂ ਅਤੇ ਕਿਸਾਨਾਂ ਨੂੰ ਵਿਅਕਤੀਗਤ ਤੌਰ ’ਤੇ ਵੱਖ ਵੱਖ ਪੱਧਰ ’ਤੇ ਅਲਾਟ ਹੋਈ ਖੇਤੀ ਮਸ਼ੀਨਰੀ ਸਬਸਿਡੀ ’ਤੇ ਕਿਸਾਨਾਂ ਨੂੰ ਉਪਲਬਧ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਇਹ ਵੀ ਲਾਜ਼ਮੀ ਬਣਾਇਆ ਜਾਵੇ ਕਿ ਮਸ਼ੀਨਰੀ ਦੀ ਵਰਤੋਂ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਤਿੰਨ ਵਰਿ੍ਹਆਂ ਦੌਰਾਨ 5151 ਖੇਤੀ ਮਸ਼ੀਨਰੀ ਦੀ ਵੰਡ ਕਿਸਾਨਾਂ ਨੂੰ ਗਈ ਜਿਨ੍ਹਾਂ ਵਿੱਚ ਹੈਪੀ ਸੀਡਰ, ਸੁਪਰ ਸੀਡਰ, ਪੈਡੀ ਸਟਰਾਅ ਚੋਪਰ, ਮਲਚਰ, ਆਰਐਮਬੀ ਪਲੋਅ, ਜੀਰੋ ਟਿਲ ਡਰਿੱਲ, ਸੁਪਰ ਐਸ.ਐਮ.ਐਸ, ਬੇਲਰ, ਸ਼ਰੱਬ ਮਾਸਟਰ ਆਦਿ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਬਲਾਕ ਪੱਧਰ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਅਤੇ ਸਬ ਡਵੀਜ਼ਨ ਪੱਧਰ ’ਤੇ ਨਾੜ ਨੂ ੰਸਾੜਨ ਤੋਂ ਰੋਕਣ ਲਈ ਸਰਗਰਮ ਰਹਿਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਜੈ ਅਰੋੜਾ, ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਪੀ ਸਤਨਾਮ ਸਿੰਘ, ਉਪ ਮੰਡਲ ਮੈਜਿਸਟਰੇਟ ਡਾ. ਸ਼ਿਖਾ ਭਗਤ, ਉਪ ਮੰਡਲ ਮੈਜਿਸਟਰੇਟ ਕਾਲਾ ਰਾਮ ਕਾਂਸਲ ਬੁਢਲਾਡਾ, ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਐਸ.ਡੀ.ਓ ਪੰਜਾਬ ਪ੍ਰਦੁਸ਼ਣ ਰੋਕਥਾਮ ਬੋਰਡ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। 

NO COMMENTS