*ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ-ਵਧੀਕ ਡਿਪਟੀ ਕਮਿਸ਼ਨਰ*

0
93

ਮਾਨਸਾ, 07  ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਅਤੇ ਸਕੀਮਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਦੀ ਪ੍ਰਧਾਨਗੀ ਹੇਠ ਹੋਈ।
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਸਰਕਾਰ ਵੱਲੋਂ ਨਿਰਧਾਰਤ ਟੀਚਿਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਜਨਨੀ ਸੁਰੱਖਿਆ ਯੋਜਨਾ ਅਧੀਨ ਲਾਭਪਾਤਰੀਆਂ ਦਾ ਵੇਰਵਾ ਸਬੰਧਤ ਪੋਰਟਲ ’ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ। ਗਰਭਵਤੀ ਮਾਵਾਂ ਅਤੇ ਅਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਤ ਰੱਖਣ ਲਈ ਵੈਕਸੀਨੇਸ਼ਨ ਸ਼ਡਿਊਲ ਅਨੁਸਾਰ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਵਿਚ ਕੋਈ ਵੀ ਹੋਮ ਡਲਿਵਰੀ ਨਾ ਹੋਵੇ ਅਤੇ ਹਰ ਡਿਲਵਰੀ ਇੰਸਟੀਚਿਊਸ਼ਨ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਹਾਈ ਰਿਸਕ ਗਰਭਵਤੀ ਮਾਵਾਂ ਦੀ ਪਹਿਚਾਣ ਕਰਕੇ ਲਿਸਟ ਨੂੰ ਅਪ ਟੂ ਡੇਟ ਕਰਕੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਬਣਾਇਆ ਜਾਵੇ ਤਾਂ ਜੋ ਡਲਿਵਰੀ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨਾਲ ਜਿੱਥੇ ਮਾਂ ਤੇ ਬੱਚੇ ਦੀ ਸਿਹਤ ਠੀਕ ਰਹੇਗੀ ਉੱਥੇ ਐਮ.ਐਮ.ਆਰ.(ਮੈਟਰਨਲ ਡੈਥ) ਵੀ ਘਟੇਗਾ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਸਾਰੇ ਸਰਕਾਰੀ ਅਦਾਰਿਆਂ, ਜਨਤਕ ਥਾਵਾਂ ’ਤੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਨੂੰ ਚੈੱਕ ਕੀਤਾ ਜਾਵੇ। ਸਰਕਾਰੀ ਅਦਾਰਿਆਂ ਦੀਆਂ ਪਾਣੀ ਦੀਆਂ ਟੈਂਕੀਆਂ ਨੂੰ ਸਮੇਂ ਸਿਰ ਸਾਫ ਕਰਵਾਇਆ ਜਾਵੇ ਅਤੇ ਜੇਕਰ ਆਰ.ਓ. ਖਰਾਬ ਹਨ ਤਾਂ ਉਨ੍ਹਾਂ ਨੂੰ ਸਮੇਂ ਸਿਰ ਠੀਕ ਕਰਾਇਆ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਏ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਹਰ ਸ਼ੁੱਕਰਵਾਰ ਨੂੰ ਦਫ਼ਤਰਾਂ ਅਤੇ ਘਰਾਂ ਵਿੱਚ ਡਰਾਈ ਡੇਅ ਦੇ ਤੌਰ ’ਤੇ ਮਨਾਇਆ ਜਾਵੇ। ਕਿਸੇ ਵੀ ਜਗ੍ਹਾ ’ਤੇ ਸਾਫ ਜਾ ਗੰਦਾ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਲਾਰਵਾ ਅਤੇ ਮੱਛਰ ਪੈਦਾ ਨਾ ਹੋ ਸਕੇ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੱਭੇ ਗਏ ਲਾਰਵੇ ਦੇ ਘਰਾਂ ਅਤੇ ਦੁਕਾਨਾਂ ਦਾ ਚਲਾਣ ਕੀਤਾ  ਜਾਵੇ।
ਉਨ੍ਹਾਂ ਜਨਨੀ ਸ਼ਿਸੂ ਸੁਰੱਖਿਆ ਕਾਰਿਆਕਰਮ, ਮੁੱਖ ਮੰਤਰੀ ਕੈਂਸਰ ਰਿਲੀਫ ਫੰਡ, ਨੈਸ਼ਨਲ ਟਿਊਬਰ ਕਲੋਸਿਸ ਇਲੈਮੀਨੇਸ਼ਨ ਪ੍ਰੋਗਰਾਮ, ਨੈਸ਼ਨਲ ਵਾਇਰਲ ਹੈਪਾਟਾਈਟਸ ਕੰਟਰੋਲ ਪ੍ਰੋਗਰਾਮ, ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ, ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਨਡਨੈਸ, ਜਨਨੀ ਸੁਰੱਖਿਆ ਯੋਜਨਾ, ਫਰੀ ਐਨੂਅਲ ਪਰਵੈਂਟਿਵ ਹੈਲਥ ਚੈਕ ਅਪ, ਪ੍ਰਧਾਨ ਮੰਤਰੀ ਸੁਰੱਖਿਤ ਮਾਤ੍ਰਤਿਵ ਅਭਿਆਨ, ਪੀ.ਸੀ.ਪੀ.ਐਨ.ਡੀ.ਟੀ. ਐਕਟ ਤੋਂ ਇਲਾਵਾ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਅਤੇ ਹੈਲਥ ਐਂਡ ਵੈਲਨੈਸ ਸੈਂਟਰਾ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ। ਉਨਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਸੱਤ ਨਵੇਂ ਆਮ ਆਦਮੀ ਕਲੀਨਿਕ ਅਤੇ ਦੋ ਨਵੇਂ ਹੈਲਥ ਐਂਡ ਵੈਲਨੈਸ ਸੈਂਟਰ ਜਲਦ ਹੀ ਸਪੁਰਦ ਕੀਤੇ ਜਾਣਗੇ।
ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ, ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਐਮ.ਐੱਸ.ਆਰਥੋ, ਡਾ. ਗੁਰਚੇਤਨ ਪ੍ਰਕਾਸ਼ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ, ਡਾਕਟਰ ਨਵਨੀਤ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਡਾ. ਅਮਿਤ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਬਰੇਟਾ, ਬੀ.ਡੀ.ਪੀ.ਓ. ਮਾਨਸਾ ਮੈਡਮ ਕੁਸਮ ਅਗਰਵਾਲ, ਵਿਜੇ ਕੁਮਾਰ ਜੈਨ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਜਗਦੇਵ ਸਿੰਘ ਮਾਨ ਡੀ.ਸੀ. ਡਬਲਯੂ, ਬੀ.ਐਂਡ.ਆਰ. ਦੇ ਐਸ.ਡੀ.ਓ. ਪੰਚਾਇਤੀ ਰਾਜ ਦੇ ਐਸ.ਡੀ.ਓ.ਡੀ.ਓ. ਪ੍ਰਾਇਮਰੀ ਤੇ ਸੈਕੰਡਰੀ ਦੇ ਨੁਮਾਇੰਦੇ, ਡਾ. ਨਿਸ਼ੀ ਸੂਦ ਜ਼ਿਲ੍ਹਾ ਟੀ.ਬੀ.ਅਫ਼ਸਰ, ਡਾ. ਛਵੀ ਬਜਾਜ ਸਾਈਕੈਟ੍ਰਿਕ, ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

NO COMMENTS