*ਡੇਰਿਆਂ ‘ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ*

0
48

ਚੰਡੀਗੜ੍ਹ, 11 ਜੁਲਾਈ: (ਸਾਰਾ ਯਹਾਂ/ਹਿਤੇਸ਼ ਸ਼ਰਮਾ ):

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿੱਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ ‘ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁਦ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਕੱਢਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਅਤੇ ਆਪਣੀ ਮੌਜੂਦਗੀ ‘ਚ ਪਰਿਵਾਰਾਂ ਨੂੰ ਪਾਣੀ ਵਿੱਚੋਂ ਕੱਢਣ ਦਾ ਕੰਮ ਸ਼ੁਰੂ ਕਰਵਾਇਆ। ਕੈਬਨਿਟ ਮੰਤਰੀ ਲਗਾਤਾਰ ਹਲਕੇ ਵਿੱਚ ਡਟੇ ਹੋਏ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਅੱਜ ਜਿਵੇਂ ਹੀ ਉਨ੍ਹਾਂ ਨੂੰ ਪਿੰਡ ਧਰਮੇੜੀ ਨੇੜਲੇ ਡੇਰਿਆਂ ਵਿੱਚ ਪਰਿਵਾਰਾਂ ਦੇ ਫਸੇ ਹੋਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸ਼ਤੀਆਂ ਭੇਜਣ ਲਈ ਕਿਹਾ ਅਤੇ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਆਪਣੀ ਨਿਗਰਾਨੀ ਹੇਠ ਕਾਰਜ ਸ਼ੁਰੂ ਕਰਵਾਇਆ। ਉਨ੍ਹਾਂ ਐਸ.ਡੀ.ਐਮ. ਚਰਨਜੀਤ ਸਿੰਘ ਅਤੇ ਡੀ.ਡੀ.ਪੀ.ਓ. ਅਮਨਦੀਪ ਕੌਰ ਨੂੰ ਰਾਹਤ ਕਾਰਜ ਵਿੱਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ।

ਇਸ ਪਿੱਛੋਂ ਕੈਬਨਿਟ ਮੰਤਰੀ ਨੇ ਪਿੰਡ ਡਰੌਲਾ, ਡਰੌਲੀ, ਨਵਾਂ ਗਾਉਂ, ਤੁਲੇਵਾਲ, ਘਿਉਰਾ ਅਤੇ ਸੂਲਰ ਦਾ ਦੌਰਾ ਕੀਤਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਵਿਅਕਤੀ ਅਤੇ ਜੀਵ ਦੀ ਸੁਰੱਖਿਆ ਲਈ ਪੂਰਾ ਪ੍ਰਸ਼ਾਸਨ ਪੱਬਾਂ ਭਾਰ ਹੈ, ਇਸ ਲਈ ਉਹ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ।

ਮੀਡੀਆ ਨਾਲ ਗੱਲਬਾਤ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਹਾੜੀ ਅਤੇ ਤਰਾਈ ਵਾਲੇ ਖੇਤਰ ਵਿੱਚ ਭਾਰੀ ਮੀਂਹ ਕਾਰਨ ਜ਼ਿਲ੍ਹਾ ਪਟਿਆਲਾ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹਨ ਪਰ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਥਿਤੀ ‘ਤੇ ਛੇਤੀ ਹੀ ਕਾਬੂ ਪਾ ਲਿਆ ਜਾਵੇਗਾ।

NO COMMENTS