
ਮਾਨਸਾ, 15 ਮਾਰਚ (ਸਾਰਾ ਯਹਾਂ/ਔਲਖ ) ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਬਹੁਤ ਸਾਰੇ ਸਿਹਤ ਮੁਲਾਜ਼ਮਾਂ ਨੂੰ ਪਿਛਲੇ ਤਕਰੀਬਨ ਤਿੰਨ ਤੋਂ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਜਿਸ ਦਾ ਸਿਹਤ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉੱਚ ਅਧਿਕਾਰੀ ਇਸ ਦਾ ਕਾਰਨ ਬਜਟ ਦਾ ਨਾਂ ਆਉਣਾ ਦੱਸ ਰਹੇ ਹਨ। ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਸੱਦੇ ਤੇ ਅੱਜ ਹਰ ਇੱਕ ਜ਼ਿਲੇ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਸਿਵਲ ਸਰਜਨਾਂ ਰਾਹੀਂ ਵਿਭਾਗ ਨੂੰ ਮੰਗ ਪੱਤਰ ਭਿਜਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਮਾਨਸਾ ਜ਼ਿਲ੍ਹੇ ਵਿੱਚ ਪੈਰਾਮੈਡੀਕਲ ਤਾਲਮੇਲ ਕਮੇਟੀ ਆਗੂ ਅਤੇ ਮਲਟੀਪਰਪਜ ਹੈਲਥ ਇੰਪਲਾਈਜ ਯੁਨੀਅਨ ਪੰਜਾਬ ਦੇ ਸਟੇਟ ਮੀਤ ਪ੍ਰਧਾਨ ਸ੍ਰੀ ਕੇਵਲ ਸਿੰਘ ਅਤੇ ਸ੍ਰੀ ਚਾਨਣ ਦੀਪ ਸਿੰਘ ਪ੍ਰਧਾਨ ਜ਼ਿਲ੍ਹਾ ਮਾਨਸਾ ਦੀ ਅਗਵਾਈ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਸਹਇਕ ਸਿਵਲ ਸਰਜਨ ਮਾਨਸਾ ਡਾ ਰੂਬੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਤੋਂ ਇਲਾਵਾ ਸਿਹਤ ਮੁਲਾਜ਼ਮਾਂ ਨੂੰ ਪੇਸ ਆ ਰਹੀਆਂ ਮੁਸਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸਹਾਇਕ ਸਿਵਲ ਸਰਜਨ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਛੇਤੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਮੁਲਾਜ਼ਮ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਜਿੱਥੇ ਨਵੀਂ ਸਰਕਾਰ ਆਉਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਮੁਲਾਜ਼ਮਾਂ ਵੱਲੋਂ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਲੈ ਕੇ ਤਨਦੇਹੀ ਨਾਲ ਕੰਮ ਕਰਨ ਦਾ ਪ੍ਰਣ ਕੀਤਾ ਉਥੇ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਤਨਖਾਹਾਂ ਦਾ ਬਜ਼ਟ ਜਲਦੀ ਜਾਰੀ ਨਾ ਕੀਤਾ ਅਤੇ ਮੁਲਾਜ਼ਮਾਂ ਦੀਆਂ ਹੋਰ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਤਾਂ ਮੁਲਾਜ਼ਮ ਜਥੇਬੰਦੀਆਂ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ। ਇਸ ਮੌਕੇ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਸੇਖੋਂ ਨੇ ਦਸਿਆ ਕਿ ਪਿਛਲੇ ਲੱਗਭਗ ਦੋ ਸਾਲ ਤੋਂ ਸਿਹਤ ਕਾਮਿਆਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੋਵਿਡ-19 ਸਬੰਧੀ ਦਿਨ ਰਾਤ ਸੇਵਾਵਾਂ ਨਿਭਾਈਆਂ ਹਨ ਪਰ ਪਿਛਲੇ ਕੁਝ ਸਮੇਂ ਤੋਂ ਬਜਟ ਨਾ ਆਉਣ ਕਾਰਨ ਬਹੁਤ ਸਾਰੇ ਸਿਹਤ ਕਾਮਿਆਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਜਿਸ ਕਾਰਨ ਉਨ੍ਹਾਂ ਨੂੰ ਅਨੇਕਾਂ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੂਲਰ ਫਾਰਮੇਸੀ ਅਫ਼ਸਰ ਆਗੂ ਜਸਵੀਰ ਸਿੰਘ ਨੇ ਦੱਸਿਆ ਕਿ ਅਸੀਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਾਂ ਅਤੇ ਸਾਨੂੰ ਪਿਛਲੇ ਪੰਜ ਮਹੀਨੇ ਤੋਂ ਤਨਖਾਹ ਨਹੀਂ ਮਿਲੀ ਜਿਸ ਕਰਕੇ ਮੁਲਾਜ਼ਮ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਗੁਰਪ੍ਰੀਤ ਸਿੰਘ, ਪਰਦੀਪ ਸਿੰਘ, ਹਰਦੀਪ ਸਿੰਘ, ਅੰਗਰੇਜ਼ ਸਿੰਘ, ਕੁਲਜੀਤ ਸਿੰਘ, ਗੁਰਤੇਜ ਸਿੰਘ, ਜਸਕਰਨ ਸਿੰਘ, ਨਿਰਭੈ ਸਿੰਘ, ਗੁਰਪ੍ਰੀਤ ਸਿੰਘ, ਰਾਹੂਲ ਕੁਮਾਰ ਵੀ ਹਾਜ਼ਰ ਸਨ।
