
ਚੰਡੀਗੜ 25 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼ ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਤਹਿਸੀਲਦਾਰ ਦਫਤਰ ਤਲਵੰਡੀ ਸਾਬੋ ਦੇ ਬਿੱਲ ਕਲਰਕ ਹਰਜੀਤ ਸਿੰਘ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਸੇਵਕ ਸਿੰਘ ਵਾਸੀ ਜਗਾ ਰਾਮ ਤੀਰਥ, ਤਹਿਸੀਲ ਤਲਵੰਡੀ ਸਾਬੋ, ਜਿਲਾ ਬਠਿੰਡਾ ਵੱਲੋਂ ਕੀਤੀ ਗਈ ਸਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਸੇਵਕ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਹਰਜੀਤ ਸਿੰਘ ਨੇ ਉਸਦੇ ਵਿਆਹ ਦਾ ਸਰਟੀਫਿਕੇਟ ਬਣਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰੰਤੂ ਉਸ ਵੱਲੋਂ ਮਿੰਨਤ ਤਰਲਾ ਕਰਨ ਤੇ ਉਹ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਅਤੇ 1500 ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨੇ ਜਾਲ ਵਿਛਾਇਆ ਤੇ ਉਕਤ ਮੁਲਜਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
———–
