ਚੰਡੀਗੜ, 29 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਸੂਬੇ ਦੇ ਭਾਸ਼ਾ ਵਿਭਾਗ ਵਲੋਂ ਆਪਣੇ ਰਿਸਾਲੇ “ਜਨ ਸਹਿਤ“ ਦੇ ਛਾਪੇ ਗਏ ਵਿਸ਼ੇਸ ਅੰਕ “ਹਿੰਦ ਦੀ ਚਾਦਰ’’ ਰਿਲੀਜ਼ ਕਰਦਿਆਂ, ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਕਿ ਗੁਰੂ ਤੇਗ ਬਹਾਦਰ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੇ ਮਨੁੱਖੀ ਸਮਾਜ ਲਈ ਚਾਨਣ ਮੁਨਾਰਾ ਹਨ।
ਸ੍ਰੀ ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਨੇ ਆਪਣੀ ਜ਼ਮੀਰ ਦੀ ਆਵਾਜ਼ ਅਨੁਸਾਰ ਧਰਮ ਅਪਨਾਉਣ ਦੀ ਅਜ਼ਾਦੀ ਲਈ ਆਪਣੀ ਸ਼ਹਾਦਤ ਦੇ ਕੇ ਸੰਸਾਰ ਨੂੰ ਇੱਕ ਨਵਾਂ ਰਾਹ ਦਿਖਾਇਆ। ਉਹਨਾਂ ਕਿਹਾ ਕਿ ਜੇ ਸੰਸਾਰ ਦੇ ਧਾਰਮਿਕ, ਸਮਾਜਿਕ ਅਤੇ ਸਿਆਸੀ ਆਗੂ ਗੁਰੂ ਤੇਜ਼ ਬਹਾਦਰ ਦੀ ਇੱਕੋ ਲਾਈਨ “ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ“ ਨੂੰ ਹੀ ਆਪਣੀ ਸੋਚ ਦਾ ਹਿੱਸਾ ਬਣਾ ਲੈਣ ਤਾਂ ਪੂਰੀ ਦੁਨੀਆਂ ਵਿੱਚੋਂ ਟਕਰਾਅ, ਕਲੇਸ਼ ਅਤੇ ਲੜਾਈਆਂ ਖ਼ਤਮ ਹੋ ਸਕਦੀਆਂ ਹਨ। ਸ਼੍ਰੀ ਬਾਜਵਾ ਨੇ ਕਿਹਾ ਕਿ ਅੱਜ ਜਦੋਂ ਕੁਝ ਸ਼ਕਤੀਆਂ ਵਲੋਂ ਹਿੰਦੋਸਤਾਨ ਨੂੰ ਇੱਕ ਰੰਗ ਵਿਚ ਰੰਗਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਤਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਅਸੂਲਾਂ ਦੀ ਪ੍ਰਸੰਗਿਕਤਾ ਹੋਰ ਵੀ ਵਧ ਗਈ ਹੈ।
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਨੇ ਇਸ ਮੌਕੇ ਭਾਸ਼ਾ ਵਿਭਾਗ ਵਲੋਂ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਅੱਧੀ ਦਰਜਨ ਕਿਤਾਬਾਂ ਵੀ ਜਾਰੀ ਕੀਤੀਆਂ।
ਸ੍ਰੀ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਹੁਤ ਵੱਡੇ ਪ੍ਰੋਗਰਾਮ ਉਲੀਕੇ ਗਏ ਸਨ, ਪਰ ਕਰੋਨਾ ਮਹਾਂਮਾਰੀ ਦੇ ਮੁੜ ਫ਼ੈਲਣ ਨਾਲ ਇਹ ਪ੍ਰੋਗਰਾਮ ਹੁਣ ਸੰਕੇਤਕ ਤੌਰ ਉਤੇ ਮਨਾਏ ਜਾਣਗੇ। ਉਹਨਾਂ ਭਾਸ਼ਾ ਵਿਭਾਗ ਵਲੋਂ “ਜਨ ਸਾਹਿਤ“ ਦਾ ਵਿਸ਼ੇਸ਼ ਅੰਕ ਅਤੇ ਕਿਤਾਬਾਂ ਛਾਪਣ ਦੇ ਉੱਦਮ ਦੀ ਸਲਾਹਣਾ ਕੀਤੀ।