ਪਟਿਆਲਾ 05 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਸਿਆਸਤਦਾਨਾਂ ਲਈ ਹੁਣ ਇੱਕ ਪਾਰਟੀ ਛੱਡ ਦੂਸਰੀ ‘ਚ ਚਲੇ ਜਾਣਾ ਆਮ ਜਿਹੀ ਗੱਲ ਹੋ ਗਈ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨਾਲ ਨਾਤਾ ਜੋੜਨ ਵਾਲੇ ਤੇਜਿੰਦਰਪਾਲ ਸਿੰਘ ਸੰਧੂ ਨੇ ਹੁਣ ਕਾਂਗਰਸ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਤੇਜਿੰਦਰਪਾਲ ਸੰਧੂ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਤੇ ਪੰਥ ਦੇ ਹਿੱਤਾਂ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਸਮੇਤ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਅਸਤੀਫ਼ਾ ਭੇਜ ਦਿੱਤਾ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਸੰਧੂ ਸੁਖਦੇਵ ਸਿੰਘ ਢੀਂਡਸਾ ਧੜੇ ਦਾ ਪੱਲਾ ਫੜਨਗੇ। ਦੱਸ ਦਈਏ ਕਿ ਤੇਜਿੰਦਰਪਾਲ ਸਿੰਘ ਨੇ 2012 ‘ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਸਨੌਰ ਹਲਕੇ ਤੋਂ ਚੋਣ ਵੀ ਲੜੀ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ ਨੇ ਬਾਦਲਾਂ ਨੂੰ ਤਿਲਾਂਜਲੀ ਦੇ ਦਿੱਤੀ ਸੀ ਤੇ ਬੀਬੀ ਅਨੂਪਇੰਦਰ ਕੌਰ ਸੰਧੂ ਨੇ ਘਨੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਚੋਣ ਲੜੀ।
ਦੋ ਸਾਲ ਪਹਿਲਾਂ ਲੋਕ ਸਭਾ ਚੋਣਾਂ ਵੇਲੇ ਸੰਧੂ ਪਰਿਵਾਰ ਨੇ ਕਾਂਗਰਸ ਨਾਲ ਨਾਤਾ ਜੋੜ ਲਿਆ ਸੀ। ਸੰਧੂ ਪਰਿਵਾਰ ਨੇ ਪਟਿਆਲਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪ੍ਰਨੀਤ ਕੌਰ ਦੀ ਡਟ ਕੇ ਮਦਦ ਕੀਤੀ ਸੀ।