*ਤੋਮਰ ਖ਼ਿਲਾਫ਼ ਫੁੱਟਿਆ ਕਿਸਾਨਾਂ ਦਾ ਗੁੱਸਾ*

0
44

ਚੰਡੀਗੜ੍ਹ 20,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਵਾਰ-ਵਾਰ ਕੀਤੀ ਜਾ ਬਿਆਨਬਾਜ਼ੀ ਖ਼ਿਲਾਫ਼ ਲੋਕ-ਰੋਹ ਵਧਦਾ ਦਿਖਾਈ ਦੇ ਰਿਹਾ ਹੈ। ਕਿਸਾਨਾਂ ਨੇ ਅੱਜ ਕੇਂਦਰੀ ਮੰਤਰੀ ਦੀ ਅਰਥੀ ਵੀ ਫੂਕੀ ਅਤੇ ਉਨ੍ਹਾਂ ਵੱਲੋਂ ਬੀਤੇ ਦਿਨਾਂ ਵਿੱਚ ਦਿੱਤੇ ਬਿਆਨਾਂ ਦੀ ਜ਼ੋਰਦਾਰ ਨਿਖੇਧੀ ਵੀ ਕੀਤੀ। ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨ ਵਿੱਚ ਪੈਟਰੋਲ-ਡੀਜ਼ਲ ਦੀਆਂ ਅੰਬਰੀਂ ਛੂਹੰਦੀਆਂ ਕੀਮਤਾਂ ‘ਤੇ ਕੇਂਦਰ ਸਰਕਾਰ ਦੀ ਕਰੜੀ ਨਿੰਦਾ ਕੀਤੀ ਅਤੇ ‘ਉੱਡਣਾ ਸਿੱਖ’ ਦੇ ਨਾਂਅ ਨਾਲ ਮਸ਼ਹੂਰ ਮਰਹੂਮ ਦੌੜਾਕ ਮਿਲਖਾ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ।

ਕਿਸਾਨਾਂ ਨੇ ਕਿਹਾ ਕਿ ਤੋਮਰ ਦਾ ਇਹ ਕਹਿਣਾ ਕਿ ਕਿਸਾਨ ਕਾਨੂੰਨ ਰੱਦ ਕਰਵਾਉਣ ਤੋਂ ਇਲਾਵਾ ਕੋਈ ਹੋਰ ਬਦਲ ਲੈ ਕੇ ਆਉਣ ਤਾਂ ਹੀ ਗੱਲਬਾਤ ਸ਼ੁਰੂ ਹੋ ਸਕਦੀ ਹੈ, ਇਸ ਬੇਰੁਖੀ ਵਾਲਾ ਰਵੱਈਆ ਗੈਰ ਲੋਕਤੰਤਰੀ ਹੈ। ਕਿਸਾਨਾਂ ਦਾ ਕਹਿਣਾ ਹੈ  ਕਿ ਆਮਦਨ ਦੁੱਗਣੀ ਕਰਨ ਦਾ ਵਾਅਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਫਰਵਰੀ 2016 ਨੂੰ ਬਰੇਲੀ ਵਿੱਚ ਆਪਣੇ ਭਾਸ਼ਨ ਵਿਚ ਕੀਤਾ ਸੀ। ਉਨ੍ਹਾਂ ਇਹ ਵਾਅਦਾ ਕਰਨ ਸਮੇਂ ਖੇਤੀਬਾੜੀ ਨਾਲ ਸਬੰਧਿਤ ਕਿਸੇ ਨਵੇਂ ਕਾਨੂੰਨ ਦੀ ਕੋਈ ਸ਼ਰਤ ਨਹੀਂ ਰੱਖੀ ਸੀ।

ਕਿਸਾਨ ਨੇਤਾਵਾਂ ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ, ਰਮਿੰਦਰ ਸਿੰਘ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਨੇ ਆਖਿਆ ਕਿ ਜਦੋਂ ਲੋਕ ਸਭਾ ਵਿਚ ਕਿਸਾਨਾਂ ਦੀ ਆਮਦਨ ਦੇ ਅੰਕੜਿਆਂ ਬਾਰੇ ਸਵਾਲ ਕੀਤਾ ਗਿਆ ਤਾਂ ਪਤਾ ਲੱਗਿਆ ਕਿ ਸਰਕਾਰ ਕੋਲ ਅਜਿਹੇ ਅੰਕੜੇ ਨਹੀਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇ ਇਹ ਕਾਨੂੰਨ ਤੁਰੰਤ ਲਾਗੂ ਵੀ ਕਰ ਦਿੱਤੇ ਜਾਣ ਤਾਂ 6 ਸਾਲਾਂ ਵਿੱਚੋਂ ਰਹਿੰਦੇ ਇੱਕ ਸਾਲ ਵਿੱਚ ਪ੍ਰਾਈਵੇਟ ਮੰਡੀ ਕਿਸਾਨਾਂ ਦੀ ਆਮਦਨ ਵਿੱਚ 75 ਫ਼ੀਸਦ ਤੋਂ ਵੱਧ ਵਾਧਾ ਕਰ ਦੇਣਗੀਆਂ? 

ਉਨ੍ਹਾਂ ਇਹ ਵੀ ਕਿਹਾ ਕਿ ਦਰਮਿਆਨੇ ਅਤੇ ਛੋਟੇ ਕਿਸਾਨ ਆਪਣੇ ਵੱਲੋਂ ਸਿਰ ਖੜ੍ਹੇ ਕਰਜ਼ੇ ਨੂੰ ਮੋੜਨ ਬਾਰੇ ਤਾਂ ਕੀ ਸੋਚਣਾ ਹੈ, ਉਹ ਤਾਂ ਇਸ ਕਰਜ਼ੇ ਉੱਪਰਲਾ ਵਿਆਜ ਦੇਣ ਦੀ ਹਾਲਤ ਵਿਚ ਵੀ ਨਹੀਂ ਹਨ, ਕਿਉਂਕਿ ਉਨ੍ਹਾਂ ਨੂੰ ਆਪਣੀ ਦੋ-ਡੰਗਾਂ ਦੀ ਰੋਟੀ ਲਈ ਚੁੱਲ੍ਹਾ ਬਲਦਾ ਰੱਖਣ ਲਈ ਵੀ ਕਰਜ਼ਾ ਲੈਣਾ ਪੈਂਦਾ ਹੈ। ਉਹਨਾਂ ਕਿਹਾ ਕਿ ਕੇਂਦਰ-ਸਰਕਾਰ ਖੇਤੀ-ਕਾਨੂੰਨ ਤੁਰੰਤ ਵਾਪਿਸ ਲਵੇ ਅਤੇ ਪੰਜਾਬ ਸਰਕਾਰ ਵੀ ਕਿਸਾਨਾਂ ਨੂੰ ਕਰਜ਼-ਮੁਕਤ ਕਰੇ। ਕਿਸਾਨ ਅੰਦੋਲਨ ਵਿੱਚ ਹੁਣ ਤਕ 500 ਤੋਂ ਵੱਧ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ-ਸਰਕਾਰ ਨੇ ਹੰਕਾਰੀ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ ਅਤੇ ਬਾਜ਼ਾਰਾਂ ਵਿੱਚ ਫਸਲਾਂ ਦਾ ਐਮਐਸਪੀ ਤਾਂ ਦੂਰ ਵਾਜਬ ਭਾਅ ਵੀ ਨਾ ਮਿਲਣ ਕਿਸਾਨ ਬਹੁਤ ਜ਼ਿਆਦਾ ਪ੍ਰੇਸ਼ਾਨੀ ਝੱਲ ਰਹੇ ਹਨ।  

LEAVE A REPLY

Please enter your comment!
Please enter your name here