*ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ-ਵਧੀਕ ਡਿਪਟੀ ਕਮਿਸ਼ਨਰ*

0
32

ਮਾਨਸਾ, 19 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ ਹੈ। ਹਰ ਇਕ ਨਾਗਰਿਕ ਸਮੇਤ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ ਤਾਂ ਜੋ ਉਹ ਵੀ ਵਾਤਾਵਰਨ ਪ੍ਰਤੀ ਚੇਤੰਨ ਹੋ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਖਿਆਲਾ ਕਲਾਂ ਵਿਖੇ ਪੰਜਾਬ ਸਰਕਾਰ ਦੀ ‘ਪੰਜਾਬ ਹਰਿਆਲੀ ਸਕੀਮ’ ਤਹਿਤ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਖਾਲੀ ਥਾਵਾਂ, ਪੰਚਾਇਤੀ ਜ਼ਮੀਨਾਂ ਅਤੇ ਸਕੂਲਾਂ ਵਿਚ ਕਰੀਬ 03 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਟੀਚੇ ਅਨੁਸਾਰ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ 10 ਲੱਖ ਪੌਦੇ ਲਗਾਏ ਜਾਣਗੇ। ਉਨ੍ਹਾਂ ਸਕੂਲੀ ਵਿਦਿਆਰਥੀਆਂ, ਅਧਿਆਪਕਾਂ, ਆਮ ਲੋਕਾਂ, ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣ ਕੇ ਵਾਤਾਵਰਨ ਹਿਤ ਵਿਚ ਆਪਣਾ ਯੋਗਦਾਨ ਪਾਉਣ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਵੀ ਮੌਜੂਦ ਸਨ।
ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਪਿੰਡ ਝੰਡਾ ਖ਼ੁਰਦ, ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਕਾਲਜ ਸਰਦੂਲਗੜ੍ਹ, ਭਾਰਤ ਗਰੁੱਪ ਆਫ ਕਾਲਜਿਜ਼ ਸਰਦੂਲਗੜ੍ਹ ਅਤੇ ਤਹਿਸੀਲ ਦਫ਼ਤਰ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਨੇ ਸਰਕਾਰੀ ਆਈ.ਟੀ.ਆਈ. ਅਤੇ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਪੌਦੇ ਲਗਾ ਕੇ ਵਾਤਾਵਰਨ ਭਲਾਈ ਲਈ ਸੁਚੇਤ ਰੂਪ ਵਿਚ ਹੰਭਲਾ ਮਾਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਕਾਲਜ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੌਦੇ ਵੰਡ ਕੇ ਰੁੱਖਾਂ ਦੀ ਅਹਿਮੀਅਤ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ ਗਿਆ।

NO COMMENTS