*ਤੰਬਾਕੂਨੋਸ਼ੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਨਗ਼ਦ ਜ਼ੁਰਮਾਨਾ*

0
100

ਮਾਨਸਾ, 26 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕੋਟਪਾ ਐਕਟ ਸ੍ਰ. ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਵਾਇਸ ਚੇਅਰਮੈਨ ਕੋਟਪਾ ਐਕਟ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ ਸ੍ਰ. ਦਰਸ਼ਨ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਅਤੇ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨ ਵਾਲੇ ਵਿਅਕਤੀਆਂ ਨਗ਼ਦ ਜ਼ੁਰਮਾਨੇ ਕੀਤੇ ਅਤੇ ਉਨ੍ਹਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਸ੍ਰ. ਦਰਸ਼ਨ ਸਿੰਘ ਨੇ ਦੱਸਿਆ ਕਿ ਟੀਮ ਵੱਲੋਂ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿੱਚ ਜਾ ਕੇ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਦੀ ਚੈਕਿੰਗ ਕੀਤੀ ਗਈ ਅਤੇ ਇਸ  ਦੌਰਾਨ ਮਨਾਹੀ ਦੇ ਬਾਵਜ਼ੂਦ ਦੁਕਾਨਦਾਰਾਂ ਵੱਲੋਂ ਖੁੱਲ੍ਹੀਆਂ ਸਿਗਰਟਾਂ ਦੀ ਵਿਕਰੀ ਕਰਨ, ਦੁਕਾਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲਗਾਉਣ ’ਤੇ ਜ਼ੁਰਮਾਨਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਰੇਲਵੇ ਓਵਰ ਬ੍ਰਿਜ ਅਤੇ ਬੱਤੀਆਂ ਵਾਲਾ ਚੌਂਕ ਦੇ ਆਲੇ ਦੁਆਲੇ ਦੁਕਾਨਦਾਰਾਂ, ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਦਾ ਸੇਵਨ ਕਰ ਰਹੇ 17 ਵਿਅਕਤੀਆਂ ਦੇ ਚਲਾਨ ਕੱਟ ਕੇ ਨਗਦ ਜ਼ੁਰਮਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੁਚਨਾ ਅਫ਼ਸਰ ਵਿਜੈ ਕੁਮਾਰ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣਾ ਕਰਨੀ ਜ਼ਰੂਰੀ ਹੈ ਤਾਂ ਜੋ ਕੋਟਪਾ 2003 ਨੂੰ ਲਾਗੂ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ’ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਭਵਿੱਖ ਵਿਚ ਵੀ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ, ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ ਅਤੇ ਕਿਤੇ ਵੀ ਐਕਟ ਦੀ ਉਲੰਘਣਾ ਹੋਣ ’ਤੇ ਜ਼ੁਰਮਾਨਾ ਕੀਤਾ ਜਾਵੇਗਾ।
ਇਸ ਮੌਕੇ ਗੁਰਦੀਪ ਸਿੰਘ, ਨਿਰਮਲ ਸਿੰਘ, ਗੁਰਜੰਟ ਸਿੰਘ ਅਤੇ ਅਸ਼ਵਨੀ ਕੁਮਾਰ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਹਾਜ਼ਰ ਸਨ।

NO COMMENTS