ਮਾਨਸਾ 06 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ-ਕਮ ਚੈਅਰਮੈਨ ਕੋਟਪਾ ਐਕਟ ਸ੍ਰੀ ਪਰਮਵੀਰ ਸਿੰਘ ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ-2003 ਦੀ ਅਗਵਾਈ ਵਿੱਚ ਮਲਟੀਪਰਪਜ਼ ਹੈਲਥ ਸੁਪਰਵਾਇਜਰ ਭੋਲਾ ਸਿੰਘ ਅਤੇ ਜਰਨੈਲ ਸਿੰਘ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ 06 ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ-2003, ਦਰਸ਼ਨ ਸਿੰਘ ਨੇ ਦੱਸਿਆ ਕਿ ਵਿਭਾਗ ਦੀ ਟੀਮ ਵੱਲੋਂ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿੱਚ ਜਾ ਕੇ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਆਦਿ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਤੰਬਾਕੂ ਉਤਪਾਦ ਦੀ ਵਿਕਰੀ ਕਰਨ, ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਸਬੰਧੀ ਸਾਈਨ ਬੋਰਡ ਨਾ ਲਗਾਉਣ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੁਚਨਾ ਅਫ਼ਸਰ ਵਿਜੈ ਕੁਮਾਰ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਲਈ ਤੰਬਾਕੂ ਕੰਟਰੋਲ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ ਤਾਂ ਜੋ ਕੋਟਪਾ 2003 ਨੂੰ ਲਾਗੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 06 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ’ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ, ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ ਅਤੇ ਕਿਤੇ ਵੀ ਐਕਟ ਦੀ ਉਲੰਘਣਾ ਹੋਣ ’ਤੇ ਜ਼ੁਰਮਾਨਾ ਕੀਤਾ ਜਾਵੇਗਾ।