*ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 15 ਵਿਅਕਤੀਆਂ ਦੇ ਕੱਟੇ ਚਲਾਨ*

0
28

ਮਾਨਸਾ, 23 ਦਸੰਬਰ : (ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ-ਕਮ-ਚੈਅਰਮੈਨ ਕੋਟਪਾ ਐਕਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ.ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਰਸ਼ਨ ਸਿੰਘ ਜ਼ਿਲਾ ਨੋਡਲ ਅਫਸਰ ਤੰਬਾਕੂ ਕੰਟਰੋਲ ਐਕਟ 2003 ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਅਤੇ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਨੋਸ਼ੀ ਕਰਨ ਵਾਲੇ 15 ਵਿਅਕਤੀਆਂ ਦੇ ਚਲਾਨ ਕੱਟੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਦਰਸ਼ਨ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ, ਜਿਸ ਵਿੱਚ ਸੀਨੀਅਰ ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ, ਸੁਖਪਾਲ ਸਿੰਘ ਅਤੇ ਨਿਰਮਲ ਸਿੰਘ ਕਣਕ ਵਾਲੀਆ ਸ਼ਾਮਿਲ ਸਨ, ਵੱਲੋਂ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਨਗਦ ਜੁਰਮਾਨਾ ਵੀ ਕੀਤਾ ਗਿਆ। ਇਸ ਮੌਕੇ ਟੀਮ ਵੱਲੋਂ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿੱਚ ਜਾ ਕੇ ਖਾਣ-ਪੀਣ ਦੀਆਂ ਵਸਤਾਂ ਦੇ ਨਾਲ-ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਦੁਕਾਨਦਾਰਾਂ ਵੱਲੋਂ ਖੁੱਲ੍ਹੀਆਂ ਸਿਗਰਟਾਂ ਦੀ ਵਿਕਰੀ ਕਰਨ ਅਤੇ ਦੁਕਾਨਾਂ ’ਤੇ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਹੋਣ ਸਬੰਧੀ ਚਲਾਨ ਕੱਟੇ ਗਏ।
ਜ਼ਿਲ੍ਹਾ ਸਮੂਹ ਸਿੱਖਿਆ ਤੇ ਸੁਚਨਾ ਅਫਸਰ ਵਿਜੈ ਕੁਮਾਰ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦਾ ਪਾਲਣ ਕਰਨਾ ਜਰੂਰੀ ਹੈ, ਤਾਂ ਜੋ ਕੋਟਪਾ ਐਕਟ 2003 ਨੂੰ ਲਾਗੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ ’ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ, ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ-ਨਾਲ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ, ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ। 

LEAVE A REPLY

Please enter your comment!
Please enter your name here