*ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੀਤਾ ਨਗਦ ਜ਼ੁਰਮਾਨਾ*

0
28

ਮਾਨਸਾ, 23 ਜਨਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ-ਕਮ-ਚੈਅਰਮੈਨ ਕੋਟਪਾ ਐਕਟ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀਆਂ ਹਦਾਇਤਾਂ ਅਤੇ ਵਾਇਸ ਚੇਅਰਮੈਨ ਕਮ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਹਾਇਕ ਮਲੇਰੀਆ ਅਫ਼ਸਰ, ਸ੍ਰੀ ਰਾਜ ਕੁਮਾਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਨੋਸ਼ੀ ਕਰਨ ਵਾਲੇ 13 ਵਿਅਕਤੀਆਂ/ਦੁਕਾਨਾਂ ਨੂੰ ਨਗਦ ਜ਼ੁਰਮਾਨਾ ਕੀਤਾ ਗਿਆ ਅਤੇ ਤੰਬਾਕੂ ਸੇਵਨ ਨਾਲ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਸਹਾਇਕ ਮਲੇਰੀਆ ਅਫ਼ਸਰ ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਟੀਮ ਵੱਲੋਂ ਸ਼ਹਿਰੀ ਖੇਤਰ ਦੇ ਜਨਤਕ ਸਥਾਨਾਂ ਵਿੱਚ ਜਾ ਕੇ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ ਅਤੇ ਜਨਤਕ ਥਾਂਵਾ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ਮਨਾਹੀ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਖੁੱਲ੍ਹੀਆਂ ਸਿਗਰਟਾਂ ਦੀ ਵਿਕਰੀ ਕਰਨ, ਦੁਕਾਨਾਂ ਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਵਾਲੇ ਸਾਈਨ ਬੋਰਡ ਨਾ ਲਗਾਉਣ ਕਾਰਨ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਸ਼ਹਿਰ ਵਿਖੇ ਦੁਕਾਨਦਾਰਾਂ, ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂ ਦਾ ਸੇਵਨ ਕਰ ਰਹੇ 13 ਵਿਅਕਤੀਆਂ ਦੇ ਚਲਾਣ ਕੱਟ ਕੇ ਨਗਦ ਜ਼ੁਰਮਾਨਾ ਕੀਤਾ ਗਿਆ।
ਇਸ ਮੌਕੇ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਸ੍ਰੀ ਦਰਸ਼ਨ ਸਿੰਘ ਨੇ ਕਿਹਾ ਕਿ ਤੰਬਾਕੂ ਪਦਾਰਥਾਂ ਦੀ ਵਿਕਰੀ ਕਰ ਰਹੇ ਸਮੂਹ ਦੁਕਾਨਦਾਰਾਂ ਨੂੰ ਤੰਬਾਕੂ ਕੰਟਰੋਲ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ ਤਾਂ ਜੋ ਕੋਟਪਾ 2003 ਨੂੰ ਲਾਗੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਕਟ ਦੀ ਧਾਰਾ 6 ਅਨੁਸਾਰ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਵਿਚ ਤੰਬਾਕੂ ਪਦਾਰਥਾਂ ਦੀ ਵਿਕਰੀ ’ਤੇ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਆਉਂਦੇ ਸਮੇਂ ਵਿਚ ਵੀ ਖਾਣ ਪੀਣ ਦੀਆਂ ਵਸਤਾਂ ਦੇ ਨਾਲ ਨਾਲ ਤੰਬਾਕੂ ਉਤਪਾਦਾਂ ਦੀ ਵਿਕਰੀ ਕਰ ਰਹੀਆਂ ਦੁਕਾਨਾਂ, ਖੋਖਿਆਂ, ਢਾਬੇ, ਹੋਟਲ, ਰੈਸਟੋਰੈਂਟ ਆਦਿ ਦੀ ਤੰਬਾਕੂ ਐਕਟ ਤਹਿਤ ਚੈਕਿੰਗ ਜਾਰੀ ਰਹੇਗੀ ਅਤੇ ਕਿਤੇ ਵੀ ਐਕਟ ਦੀ ਉਲੰਘਣਾ ਹੋਣ ’ਤੇ ਜ਼ੁਰਮਾਨਾ ਕੀਤਾ ਜਾਵੇਗਾ।
ਇਸ ਮੌਕੇ ਚੈਕਿੰਗ ਟੀਮ ਵਿਚ ਅਸ਼ਵਨੀ ਕੁਮਾਰ ਸੀਨੀਅਰ ਮਲਟੀਪਰਪਜ਼ ਹੈਲਥ ਸੁਪਰਵਾਇਜਰ, ਲੀਲਾ ਰਾਮ, ਨਿਰਮਲ ਸਿੰਘ ਰੱਲਾ ਅਤੇ ਗੁਰਿੰਦਰ ਸ਼ਰਮਾ ਮੌਜੂਦ ਸਨ।

NO COMMENTS