*ਦਫ਼ਤਰੀ ਕੰਮਾਂ ’ਚ ਕਿਸੇ ਪੱਧਰ ’ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਵਿਧਾਇਕ, ਡਿਪਟੀ ਕਮਿਸ਼ਨਰ*

0
39

ਜਲੰਧਰ   05,ਮਈ (ਸਾਰਾ ਯਹਾਂ/ਬਿਊਰੋ ਨਿਊਜ਼): : ਵਿਧਾਇਕ ਸ਼ੀਤਲ ਅੰਗੁਰਾਲ, ਰਮਨ ਅਰੋੜਾ, ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਲਈ ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਅਤੇ ਆਸਾਨ ਪਹੁੰਚ ਵਾਲਾ ਪ੍ਰਸ਼ਾਸਨ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਦਫ਼ਤਰੀ ਕੰਮਾਂ ਵਿੱਚ ਕਿਸੇ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਵੀ ਮੌਜੂਦ ਸਨ, ਨੇ ਅਧਿਕਾਰੀਆਂ ਨੂੰ ਦਫ਼ਤਰਾਂ ਦੇ ਕੰਮਕਾਜ ਵਿੱਚ ਅਤੇ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ, ਡਰ-ਭੈਅ ਤੋਂ ਸੰਜੀਦਗੀ ਤੇ ਦਿਆਨਤਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਮੁਹੱਲਾ ਕਲੀਨਿਕ ਬਣਾਇਆ ਜਾਵੇਗਾ। ਇਸ ਮੰਤਵ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅਜਿਹੇ ਸਥਾਨ ਦੀ ਪਛਾਣ ਕਰਨ ਲਈ ਕਿਹਾ, ਜਿਥੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹੱਲਾ ਕਲੀਨਿਕ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਸਹੂਲਤਾਂ ਹੋਰ ਬਿਹਤਰ ਅਤੇ ਸੁਵਿਧਾਜਨਕ ਬਣਾਉਣ ਲਈ ਕਿਹਾ ਤਾਂ ਜੋ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਵਿਧਾਇਕਾਂ ਵੱਲੋਂ ਇਸ ਮੌਕੇ ਸਿਵਲ ਹਸਪਤਾਲ ਵਿੱਚ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਚਲਾਏ ਗਏ ਸਫਾਈ ਅਭਿਆਨ ਦੀ ਪ੍ਰਸ਼ੰਸਾ ਵੀ ਕੀਤੀ ਗਈ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕ ਸੇਵਾਵਾਂ ਸਪੁਰਦਗੀ ’ਤੇ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ, ਜਿਸ ਸਦਕਾ ਜ਼ਿਲ੍ਹਾ ਜਲੰਧਰ ਨੇ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜ਼ੀਰੋ ਪੈਂਡੇਂਸੀ ਨੂੰ ਬਰਕਰਾਰ ਰੱਖਣ ਵਿੱਚ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖਿਆ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਜਲੰਧਰ ਸ਼ਹਿਰ ਵਿੱਚ ਜਲਦ 1200 ਸੀ.ਸੀ.ਟੀ.ਵੀ. ਕੈਮਰੇ ਅਤੇ ਪੁਲਿਸ ਲਾਈਨਜ਼ ਜਲੰਧਰ ਵਿਖੇ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਵਿੱਚ ਅਪਰਾਧ ’ਤੇ ਕਾਬੂ ਰੱਖਣ ਲਈ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਸੁਚਾਰੂ ਟ੍ਰੈਫਿਕ ਪ੍ਰਬੰਧਾਂ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਵਿਧਾਇਕਾਂ ਨੂੰ ਸ਼ਹਿਰ ਵਿੱਚ ਚੱਲ ਰਹੇ ਹੋਰ ਵੀ ਵਿਕਾਸ ਕਾਰਜਾਂ ਤੋਂ ਜਾਣੂੰ ਕਰਵਾਇਆ।

LEAVE A REPLY

Please enter your comment!
Please enter your name here