ਚੰਡੀਗੜ੍ਹ 05,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼): ਜ਼ਿਮਨੀ ਚੋਣਾਂ ਦੀ ਤਿਆਰੀ ਜ਼ੋਰਾ ‘ਤੇ ਚਲ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ -ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰ ਦਿੱਤਾ ਹੈ। ਇਸ ਦੇ ਨਾਲ ਹੀ ਦਲਵੀਰ ਗੋਲਡੀ ਨੂੰ ਸੰਗਰੂਰ ਤੋਂ ਕਾਂਗਰਸ ਦਾ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਗੋਲਡੀ ਭਗਵੰਤ ਮਾਨ ਤੋਂ ਵਿਧਾਨ ਸਭਾ ਚੋਣ ਹਾਰ ਗਏ ਸੀ।
ਸੰਗਰੂਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਸ਼ੁਰੂ ਹੋ ਗਿਆ ਹੈ। ਬੀਜੇਪੀ ਨੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕੇਵਲ ਢਿੱਲੋਂ ਕੱਲ੍ਹ ਹੀ ਬੀਜੇਪੀ ‘ਚ ਸ਼ਾਮਲ ਹੋਏ ਸੀ।ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।
ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ ‘ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਦਸ ਦਈਏ ਕਿ ਗੁਰਮੇਲ ਸਿੰਘ ਸੰਗਰੂਰ ਦੇ ਪਿੰਡ ਘੜੂੰਆਂ ਦੇ ਸਰਪੰਚ ਵੀ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਿਮਰਨਜੀਤ ਮਾਨ ਉਮੀਦਵਾਰ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਭਲਕੇ ਨਾਮਜ਼ਦਗੀ ਦਾਖਲ ਕਰਨਗੇ।ਭਾਜਪਾ ਨੇ ਵੀ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਹੁਣ ਸਭ ਦੀਆਂ ਨਜ਼ਰਾਂ ਕਾਂਗਰਸ ਉਮੀਦਵਾਰ ‘ਤੇ ਹਨ।
ਨਾਮਜ਼ਦਗੀਆਂ ਦਾ ਕੱਲ੍ਹ ਆਖਰੀ ਦਿਨ ਹੈ। ਅਜਿਹੇ ‘ਚ ਅੱਜ ਇਸ ਬਾਰੇ ਐਲਾਨ ਕੀਤਾ ਜਾ ਸਕਦਾ ਹੈ। ਸੰਗਰੂਰ ਸੀਟ ਤੋਂ ਹੁਣ ਤੱਕ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਜਿਸ ‘ਚ ਆਜ਼ਾਦ ਉਮੀਦਵਾਰ ਅਜੈ ਕੁਮਾਰ ਸ਼ਾਮਲ ਹਨ।
ਕੇਵਲ ਢਿੱਲੋਂ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਏ ਸਨ। 2007 ਤੋਂ 2017 ਤੱਕ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਰਹੇ ਹਨ। 2017 ਵਿੱਚ ਬਰਨਾਲਾ ਵਿਧਾਨ ਸਭਾ ਚੋਣ ਅਤੇ 2019 ਵਿੱਚ ਸੰਗਰੂਰ ਲੋਕ ਸਭਾ ਚੋਣ ਹਾਰ ਚੁੱਕੇ ਹਨ।ਕੱਲ੍ਹ ਜਦੋਂ ਅਸੀਂ ਕੇਵਲ ਢਿੱਲੋਂ ਨੂੰ ਇਹ ਸਵਾਲ ਪੁੱਛਿਆ ਸੀ ਕਿ ਕੀ ਉਹ ਸੰਗਰੂਰ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ ਤਾਂ ਉਨ੍ਹਾਂ ਕਿਹਾ ਸੀ ਕਿ ਪਾਰਟੀ ਜੋ ਵੀ ਜ਼ਿੰਮੇਵਾਰੀ ਦੇਵੇਗੀ ਉਹ ਉਸ ਲਈ ਤਿਆਰ ਹਨ।