
ਮਾਨਸਾ 4 ਜੁਲਾਈ :(ਸਾਰਾ ਯਹਾਂ/ਮੁੱਖ ਸੰਪਾਦਕ)ਸਿਹਤ ਵਿਭਾਗ ਵੱਲੋਂ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਜ਼ਿਲ੍ਹੇ ’ਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਅਤੇ 01 ਜੁਲਾਈ ਤੋਂ 30 ਅਗਸਤ ਤੱਕ ਦਸਤ ਰੋਕੂ ਮੁਹਿੰਮ ਅਧੀਨ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਸਿਵਲ ਸਰਜਨ ਡਾ.ਹਰਦੇਵ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੰਵਲਪ੍ਰੀਤ ਬਰਾੜ ਵੱਲੋਂ ਆਮ ਆਦਮੀ ਕਲੀਨਿਕ ਬਹਿਣੀਵਾਲ, ਸਬ ਸੈਂਟਰ ਚਹਿਲਾਂਵਾਲੀ, ਸਬ ਸੈਂਟਰ ਬਣਾਂਵਾਲੀ ਵਿਖੇ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਅਤੇ ਦਸਤ ਰੋਕੂ ਮੁਹਿੰਮ ਦਾ ਜਾਇਜਾ ਲਿਆ ਗਿਆ।
ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬਾਲ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਦਸਤ ਰੋਗ ਦੇ ਇਲਾਜ ਦੀ ਸਹੀ ਜਾਣਕਾਰੀ ਨਾਲ ਹਰ ਸਾਲ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਾਂ ਦੀ ਗਰਭ ਦੌਰਾਨ ਦੇਖਭਾਲ ਦੇ ਨਾਲ-ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ। ਬੱਚਿਆਂ ਨੂੰ ਮਾਰੂ ਰੋਗਾਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਨੂੰ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ 12 ਮਾਰੂ ਰੋਗਾਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਟੀਕਾਕਰਨ ਦੌਰਾਨ ਵਧੀਆ ਕੁਆਲਟੀ ਦੀ ਵੈਕਸੀਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨ ਦੇ ਰੱਖ-ਰਖਾਵ ਦੀ ਆਨ-ਲਾਈਨ ਨਿਗਰਾਨੀ ਕੀਤੀ ਜਾਂਦੀ ਹੈ, ਤਾਂ ਜੋ ਵੈਕਸੀਨ ਦੀ ਗੁਣਵੱਤਾ ਬਰਕਰਾਰ ਰੱਖੀ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਅਤੇ ਆਪਣੇ ਨੇੜਲੇ ਘਰਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਕਿਉਂਕਿ ਜੇਕਰ ਕੁਝ ਬੱਚੇ ਮੁਕੰਮਲ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ ਤਾਂ ਉਸ ਰੋਗ ਦਾ ਖਤਰਾ ਸਮਾਜ ’ਤੇ ਬਣਿਆ ਰਹਿੰਦਾ ਹੈ। ਇਸ ਲਈ ਕਿਸੇ ਵੀ ਰੋਗ ਨੂੰ ਜੜੋਂ ਖਤਮ ਕਰਨ ਲਈ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਬਹੁਤ ਜਰੂਰੀ ਹੈ। ਉਨ੍ਹਾਂ ਸਿਹਤ ਵਿਭਾਗ ਮਾਨਸਾ ਦੇ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੋਲੀਓ ਅਤੇ ਹੋਰ ਰੋਗਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਆਪਣੇ ਅਤੇ ਸਮਾਜ ਦੇ ਸਾਰੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ।
